ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ ਐੱਸ ਆਈ ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਵਤਾਰ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਗਿਆਨਪੁਰਾ, ਉੱਤਰ ਪ੍ਰਦੇਸ਼, ਜੋ ਕਿ ਹੁਣ ਮਾਛੀਵਾੜਾ ਦੀ ਨਾਗਰਾ ਕਲੋਨੀ ਵਿੱਚ ਰਹਿ ਰਿਹਾ ਹੈ, ਦੀ ਸ਼ਿਕਾਇਤ ‘ਤੇ ਗਿ੍ਫਤਾਰ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫਤਰ ਲੁਧਿਆਣਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖਿਲਾਫ ਅਦਾਲਤ ਵਿੱਚ ਚਲਦੇ ਇੱਕ ਦੁਰਘਟਨਾ ਦੇ ਕੇਸ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ, ਪਰ ਉਕਤ ਨਾਇਬ ਕੋਰਟ ਇਸ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਅਦਾਲਤ ਵਿੱਚ ਉਸ ਦੇ ਬਿਆਨ ਦਰਜ ਕਰਵਾਉਣ ਖਾਤਰ ਸਹਾਇਕ ਸਰਕਾਰੀ ਵਕੀਲ ਦੇ ਨਾਂਅ ‘ਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 7,000 ਰੁਪਏ ਵਿੱਚ ਤੈਅ ਹੋ ਗਿਆ ਹੈ | ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿੱਚ ਅਵਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਮੁਲਜ਼ਮ ਖਿਲਾਫ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ |