34.6 C
Jalandhar
Thursday, July 25, 2024
spot_img

ਹੁਣ ਜਲੰਧਰ ਪੱਛਮੀ ਨੂੰ ਇਮਾਨਦਾਰ ਵਿਧਾਇਕ ਮਿਲੇਗਾ : ਮਾਨ

ਜਲੰਧਰ (ਸ਼ੈਲੀ ਐਲਬਰਟ)
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਪ੍ਰਚਾਰ ਕੀਤਾ। ਮਾਨ ਨੇ ਵਾਰਡ ਨੰਬਰ 75 ਅਤੇ 36 ਵਿੱਚ ਜਨ ਸਭਾਵਾਂ ਕੀਤੀਆਂ ਅਤੇ ਲੋਕਾਂ ਨੂੰ 10 ਜੁਲਾਈ ਨੂੰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਪ੍ਰਮਾਤਮਾ ਸਭ ਕੁਝ ਲੋਕਾਂ ਦੇ ਭਲੇ ਲਈ ਹੀ ਕਰਦਾ ਹੈ, ਇਸੇ ਲਈ ਇਕ ਭਿ੍ਰਸ਼ਟ ਵਿਅਕਤੀ ਨੇ ਖ਼ੁਦ ਹੀ ਅਸਤੀਫ਼ਾ ਦੇ ਦਿੱਤਾ ਅਤੇ ਹੁਣ ਜਲੰਧਰ ਨੂੰ ਇਕ ਇਮਾਨਦਾਰ ਵਿਧਾਇਕ ਮਿਲੇਗਾ। ਮੋਹਿੰਦਰ ਭਗਤ ਸੁਭਾਅ ਤੋਂ ਵੀ ਭਗਤ ਹਨ, ਉਹ ਇੱਕ ਇਮਾਨਦਾਰ ਅਤੇ ਸੁਹਿਰਦ ਆਗੂ ਹਨ।
ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ ਅਤੇ ਸੁਖਬੀਰ ਬਾਦਲ ਵਰਗੇ ਆਗੂ ਸਾਡਾ ਮੁਕਾਬਲਾ ਨਹੀਂ ਕਰ ਸਕਦੇ। ਅਸੀਂ ਮਿਹਨਤੀ ਅਤੇ ਇਮਾਨਦਾਰ ਲੋਕ ਹਾਂ, ਇਹ ਤਾਪਮਾਨ ਪੁੱਛ ਕੇ ਘਰਾਂ ਤੋਂ ਬਾਹਰ ਨਿਕਲਦੇ ਹਨ ਅਤੇ ਰਸਮੀ ਕਾਰਵਾਈ (ਫਾਰਮੈਲੇਟੀ) ਕਰਨ ਤੋਂ ਬਾਅਦ ਆਪਣੇ ਘਰਾਂ ਦੇ ਅੰਦਰ ਚਲੇ ਜਾਂਦੇ ਹਨ। ਮਾਨ ਨੇ ਕਿਹਾ ਕਿ ‘ਆਪ’ ਆਗੂ ਆਮ ਪਰਵਾਰਾਂ ਵਿੱਚੋਂ ਹਨ ਅਤੇ ਉਹ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਲਈ ਕੰਮ ਕਰਦੇ ਹਨ।ਉਹਨਾ ਕਿਹਾ ਕਿ ਜਲੰਧਰ ਉਨ੍ਹਾ ਦੀ ਕਰਮ ਭੂਮੀ ਹੈ, ਉਹ ਇਸ ਦੇ ਵਿਕਾਸ ਨਾਲ ਜੁੜੀ ਕਿਸੇ ਵੀ ਫਾਈਲ ’ਤੇ ਦਸਤਖ਼ਤ ਕਰਕੇ ਉਸ ਨੂੰ ਪਾਸ ਕਰਨਗੇ। ਉਹ ਭਾਵੁਕ ਵਿਅਕਤੀ ਹਨ, ਉਹ ਲੋਕਾਂ ਦੇ ਜੀਵਨ ਵਿੱਚ ਸਿਰਫ਼ ਮੁਸਕਰਾਹਟ ਅਤੇ ਖ਼ੁਸ਼ੀਆਂ ਲਿਆਉਣਾ ਚਾਹੁੰਦੇ ਹਨ। ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ’ਤੇ ਵੀ ਹਮਲਾ ਬੋਲਿਆ।
ਉਨ੍ਹਾ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਐਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟਾਂ ਪਾਉਣ ਲਈ ਕਹਿ ਰਹੇ ਹਨ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਜ਼ੀਰੋ ਹੋ ਗਿਆ ਹੈ।
ਉਨ੍ਹਾ ਕਿਹਾ ਕਿ ਜੇਕਰ ਤੁਸੀਂ ਮੋਹਿੰਦਰ ਭਗਤ ਨੂੰ ਜਿਤਾਉਦੇ ਹੋ ਅਤੇ ਵਿਧਾਨ ਸਭਾ ਦੀ ਪੌੜੀ ਚੜ੍ਹਾਉਦੇ ਹੋ ਤਾਂ ਮੈਂ ਉਨ੍ਹਾਂ ਨੂੰ ਅਗਲੀ ਪੌੜੀਆਂ ਚੜ੍ਹਾਵਾਂਗਾ। ਮਾਨ ਭਗਤ ਨੂੰ ਮੰਤਰੀ ਬਣਾਉਣ ਦਾ ਇਸ਼ਾਰਾ ਕਰ ਰਹੇ ਸਨ। ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਹੀ ਭਿ੍ਰਸ਼ਟ ਹਨ, ਕੇਵਲ ਮੋਹਿੰਦਰ ਭਗਤ ਹੀ ਜਲੰਧਰ ਪੱਛਮੀ ਅਤੇ ਇੱਥੋਂ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰਨਗੇ।ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਇਹ ਸੋਚ ਕੇ ਪ੍ਰੇਸ਼ਾਨ ਹਨ ਕਿ ਆਮ ਲੋਕ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਕਿਵੇਂ ਬਣ ਗਏ। ਉਨ੍ਹਾ ਕਿਹਾ ਕਿ ਹੁਣ ਬਾਕੀ ਪਾਰਟੀਆਂ ਤੁਹਾਡੀਆਂ ਵੋਟਾਂ ਲੈਣ ਲਈ ਪੈਸੇ ਵੰਡਣਗੀਆਂ, ‘ਲਕਸ਼ਮੀ’ ਨੂੰ ਨਾਂਹ ਨਾ ਕਰਿਓ, ਲੈ ਲਿਓ, ਕਿਉਕਿ ਇਹ ਤੁਹਾਡਾ ਪੈਸਾ ਹੈ, ਜੋ ਉਨ੍ਹਾਂ ਤੁਹਾਡੇ ਤੋਂ ਲੁੱਟਿਆ ਹੈ, ਪਰ ਵੋਟ ਕਿਸੇ ਇਮਾਨਦਾਰ ਨੇਤਾ ਨੂੰ ਦਿਓ।
ਜਨ ਸਭਾਵਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੋਹਿੰਦਰ ਭਗਤ ਨੇ ਲੋਕਾਂ ਵੱਲੋਂ ਲਗਾਤਾਰ ਸਮਰਥਨ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਮਾਨ ਦਾ ਹੌਸਲਾ ਵਧਾਉਣ ਲਈ ‘ਆਪ’ ਨੂੰ ਵੋਟ ਪਾਉਣ, ਤਾਂ ਜੋ ਉਹ ਪੰਜਾਬ ਦੇ ਲੋਕਾਂ ਲਈ ਹੋਰ ਵੀ ਜ਼ਿਆਦਾ ਜੋਸ਼ ਨਾਲ ਕੰਮ ਕਰ ਸਕਣ। ਉਨ੍ਹਾ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰਨਗੇ।

Related Articles

LEAVE A REPLY

Please enter your comment!
Please enter your name here

Latest Articles