ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਹੈ ਕਿ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ’ਤੇ 22,000 ਤੋਂ ਵੱਧ ਸੀ ਆਰ ਐੱਮ ਮਸ਼ੀਨਾਂ ਮੁਹੱਈਆ ਕਰਵਾਏਗੀ।
ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਡਰਾਅ ਇਸ ਮਹੀਨੇ ਦੇ ਅੰਦਰ-ਅੰਦਰ ਕੱਢੇ ਜਾਣ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਸਬਸਿਡੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ। ਉਨ੍ਹਾ ਕਿਹਾ ਕਿ ਮਸ਼ੀਨਾਂ ਮੁਹੱਈਆ ਕਰਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਮਸ਼ੀਨ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਸਹਿਕਾਰੀ ਸਭਾਵਾਂ, ਐਫ ਪੀ ਓਜ਼ ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੋਵੇਗੀ।




