25 C
Jalandhar
Sunday, September 8, 2024
spot_img

ਸਫਾਈ ਦੇਣ ਲਈ ਸੁਖਬੀਰ ਅਕਾਲ ਤਖਤ ’ਤੇ ਤਲਬ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ 90 ਲੱਖ ਦੇ ਇਸ਼ਤਿਹਾਰਾਂ ਦਾ ਸਪੱਸ਼ਟੀਕਰਨ ਮੰਗਿਆ

ਜਥੇਦਾਰ ਇਕਬਾਲ ਸਿੰਘ ਨੂੰ ਲਾਈ ਤਨਖਾਹ

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਜਥੇਦਾਰ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਚ ਪ੍ਰਧਾਨੀ ਮਰਿਆਦਾ ਅਨੁਸਾਰ ਪੰਜ ਜਥੇਦਾਰਾਂ ਦੀ ਇਕੱਤਰਤਾ ਸੋਮਵਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਨਾਰਾਜ਼ ਅਕਾਲੀ ਆਗੂਆਂ ਵੱਲੋ ਉਠਾਏ ਗਏ ਪੰਥਕ ਮੁੱਦਿਆਂ ਦਾ ਸਪੱਸ਼ਟੀਕਰਨ ਸ਼੍ਰੋਮਣੀ ਅਕਾਲ਼ੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ 15 ਦਿਨਾਂ ਦੇ ਅੰਦਰ-ਅੰਦਰ ਮੰਗਿਆ ਗਿਆ ।ਜਥੇਦਾਰਾਂ ਨੇ ਪ੍ਰਧਾਨ ਨੂੰ ਤਲਬ ਕਰਦਿਆ ਆਦੇਸ਼ ਜਾਰੀ ਕੀਤੇ ਕਿ ਉਹ ਖੁਦ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ, ਨਹੀ ਤਾਂ ਮਰਿਆਦਾ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਸ ਇਕੱਤਰਤਾ ਵਿੱਚ ਜਥੇਦਾਰ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਸਨ।ਇਕੱਤਰਤਾ ਵਿੱਚ ਦੀਰਘ ਵਿਚਾਰਾਂ ਕੀਤੀਆ ਗਈਆ ਤੇ ਕਈ ਫੈਸਲੇ ਲਏ ਗਏ।
ਦਿਨ ਪ੍ਰਤੀ ਦਿਨ ਵਧ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਦਿਆ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੁਰੱਖਿਆ ਦੇ ਪ੍ਰਬੰਧ ਕਰਦਿਆਂ ਸੁਰੱਖਿਆ ਸੇਵਾਦਾਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਸੁਰੱਖਿਆ ਵਿੱਚ ਕੁਤਾਹੀ ਪਾਈ ਜਾਣ ’ਤੇ ਬੇਅਦਬੀ ਹੋਣ ਦੀ ਸੂਰਤ ਵਿਚ ਸੰਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ‘ਬਿਧੀ ਚੰਦ ਛੀਨਾ ਗੁਰੂ ਕਾ ਸੀਨਾ’ ਦੀ ਸੰਪਰਦਾ ਦੇ ਮਰਹੂਮ ਮੁਖੀ ਬਾਬਾ ਦਯਾ ਸਿੰਘ ਜੀ ਮੁਖੀ ਦਲ ਬਾਬਾ ਬਿਧੀ ਚੰਦ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਰਟਰ ਸੁਰਸਿੰਘ, ਜ਼ਿਲ੍ਹਾ ਤਰਨ ਤਾਰਨ ਸਾਹਿਬ ਦੀਆਂ ਗੁਰੁ ਗ੍ਰੰਥ ਤੇ ਗੁਰੂ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ, ਜਿਹੜਾ ਨੇੜ ਭਵਿੱਖ ਵਿੱਚ ਸ੍ਰੀ ਅਕਾਲ ਤਖਤ ਤੋਂ ਦਿੱਤਾ ਜਾਵੇਗਾ।
ਉਹਨਾ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤੀ ਗਈ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੇ ਸੰਦਰਭ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਿੱਖ ਸਿਧਾਂਤ ਤੇ ਪਰੰਪਰਾ ਅਨੁਸਾਰ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ, ਜਿਸ ਕਰਕੇ ਅਕਾਲੀ ਆਗੂਆਂ ਵੱਲੋਂ ਲਗਾਏ ਗਏ ਦੋਸ਼ਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸੌਦਾ ਸਾਧ ਨੂੰ ਬਿਨਾਂ ਮੰਗਿਆਂ ਦਿੱਤੀ ਗਈ ਮੁਆਫੀ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸੰਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਆਲਮੀ ਤਪਸ਼ ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ’ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ ਅਤੇ ਉਸ ਦੀ ਦੇਖ-ਭਾਲ ਨੂੰ ਵੀ ਯਕੀਨੀ ਬਣਾਵੇ। ਉਹਨਾ ਕਿਹਾ ਕਿ ਜਲ ਮਿਲਿਆ ਪਰਮੇਸ਼ਰ ਮਿਲਿਆ ਅਨੁਸਾਰ ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਉਸਾਰੂ ਉਪਰਾਲੇ ਕੀਤੇ ਜਾਣ।
ਇਸ ਤੋਂ ਇਲਾਵਾ ਪੰਥ ਵਿਰੋਧੀ ਗਤੀਵਿਧੀਆਂ ਕਰਨ ਤੇ ਸ੍ਰੀ ਅਕਾਲ ਤਖਤ ਦੇ ਸਿਧਾਂਤਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 7 ਦਸੰਬਰ 2022 ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਤੇ ਸੋਮਵਾਰ ਉਸ ਨੇ ਪੇਸ਼ ਹੋ ਕੇ ਆਪਣੀ ਭੁੱਲ ਬਖਸ਼ਾਈ ਤੇ ਜਥੇਦਾਰਾਂ ਨੇ 11 ਦਿਨਾਂ ਦੀ ਤਨਖਾਹ ਲਗਾਈ। ਗਿਆਨੀ ਰਘਬੀਰ ਸਿੰਘ ਨੇ ਇਕਬਾਲ ਸਿੰਘ ਤੇ ਜਗਜੀਤ ਸਿੰਘ ਸਮੇਤ ਦੋ ਹੋਰ ਵਿਅਕਤੀਆਂ ਨੂੰ 11 ਦਿਨ ਹਰ ਰੋਜ਼ ਨਿਤਨੇਮ ਤੋਂ ਇਲਾਵਾ ਇੱਕ ਘੰਟਾ ਕੀਰਤਨ ਸਰਵਣ ਕਰਨ ਤੇ ਸੰਗਤਾਂ ਦੇ ਜੂਠੇ ਭਾਂਡੇ ਸਾਫ ਕਰਨ ਦੀ ਤਨਖਾਹ ਲਗਾਈ ਹੈ। ਇਸੇ ਤਰ੍ਹਾਂ ਕਸ਼ਮੀਰ ਦੇ ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕ ਨਗਰ ਵਿੱਚ ਪੰਥ ਵਿੱਚੋਂ ਛੇਕੇ ਗਏ ਪ੍ਰੋ. ਦਰਸ਼ਨ ਸਿੰਘ ਦਾ ਕੀਤਰਨ ਕਰਵਾਉਣ ਦੇ ਦੋਸ਼ ਵਿੱਚ ਉਹਨਾਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜਥੇਦਾਰਾਂ ਨੇ ਭਾਵੇਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਾਂ ਤਲਬ ਕਰ ਲਿਆ ਹੈ, ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਸੌਦਾ ਸਾਧ ਨੂੰ ਦਿੱਤੀ ਮੁਆਫੀ ਤੋਂ ਬਾਅਦ ਦਿੱਤੇ ਗਏ 90 ਲੱਖ ਦੇ ਇਸ਼ਤਿਹਾਰਾਂ ਦਾ ਸਪੱਸ਼ਟੀਕਰਨ ਮੰਗਿਆ ਹੈ, ਪਰ ਮੁਆਫੀ ਦੇਣ ਵਾਲੇ ਜਥੇਦਾਰਾਂ ਨੂੰ ਅੱਖੋਂ-ਪਰੋਖੇ ਕਰਕੇ ਉਹਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

Related Articles

LEAVE A REPLY

Please enter your comment!
Please enter your name here

Latest Articles