ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੀਟ-ਯੂ ਜੀ 2024 ਸੰਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਨੂੰ ਹੁਕਮ ਜਾਰੀ ਕੀਤਾ ਕਿ ਉਹ 20 ਜੁਲਾਈ ਦੁਪਹਿਰ 12 ਵਜੇ ਤੱਕ ਨੀਟ-ਯੂ ਜੀ 2024 ਦੇ ਸੈਂਟਰ ਤੇ ਸਿਟੀਵਾਈਜ਼ ਨਤੀਜਿਆਂ ਦਾ ਐਲਾਨ ਕਰੇ। ਵਿਦਿਆਰਥੀਆਂ ਦੀ ਪਛਾਣ ਬੇਨਕਾਬ ਨਹੀਂ ਹੋਣੀ ਚਾਹੀਦੀ। ਇਹ ਹੁਕਮ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਜਾਰੀ ਕੀਤੇ। ਸੁਪਰੀਮ ਕੋਰਟ 22 ਜੁਲਾਈ ਨੂੰ ਇਸ ਪ੍ਰੀਖਿਆ ਨੂੰ ਰੱਦ ਕਰਨ, ਮੁੜ ਪ੍ਰੀਖਿਆ ਕਰਵਾਉਣ ਤੇ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਮੁੜ ਸੁਣਵਾਈ ਕਰੇਗੀ। ਅਦਾਲਤ ਨੇ ਕਿਹਾ ਕਿ ਇਹ ਪਹਿਲੀ ਨਜ਼ਰੇ ਜਾਪਦਾ ਹੈ ਕਿ ਪ੍ਰਸ਼ਨ ਪੱਤਰ ਲੀਕ ਹੋਣਾ ਪਟਨਾ ਅਤੇ ਹਜ਼ਾਰੀਬਾਗ ਤੱਕ ਸੀਮਤ ਸੀ। ਉਸ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਜੇ ਇਸ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੋਈ ਹੈ ਤਾਂ ਹੀ ਇਸ ਪ੍ਰੀਖਿਆ ਨੂੰ ਮੁੜ ਕਰਵਾਉਣਾ ਚਾਹੀਦਾ ਹੈ। ਉਸ ਨੇ ਇਹ ਵੀ ਕਿਹਾ ਕਿ ਪ੍ਰੀਖਿਆ ਨਵੇਂ ਸਿਰੇ ਤੋਂ ਕਰਵਾਉਣ ਦਾ ਕੋਈ ਠੋਸ ਆਧਾਰ ਹੋਣਾ ਚਾਹੀਦਾ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਵਿਵਾਦਗ੍ਰਸਤ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂ ਜੀ 2024 ਨਾਲ ਸੰਬੰਧਤ ਪਟੀਸ਼ਨਾਂ ਦੇ ਬੈਚ ’ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਕਰੀਬ 15,000 ਨਵੀਂਆਂ ਰਜਿਸਟ੍ਰੇਸ਼ਨਾਂ ਮਿਲੀਆਂ ਹਨ। ਇਨ੍ਹਾਂ ਨਵੇਂ 15,094 ਵਿਦਿਆਰਥੀਆਂ ਵਿੱਚੋਂ 1.08 ਲੱਖ ਵਿਦਿਆਰਥੀਆਂ ਵਿੱਚੋਂ ਸਿਰਫ 44 ਅਜਿਹੇ ਹਨ, ਜੋ ਪ੍ਰਾਈਵੇਟ ਅਤੇ ਸਰਕਾਰੀ ਮੈਡੀਕਲ ਕਾਲਜਾਂ ’ਚ ਦਾਖਲਾ ਲੈਣਗੇ।
ਐੱਨ ਟੀ ਏ ਦੇ ਵਕੀਲ ਨੇ ਕਿਹਾ ਕਿ ਨਵੀਂ ਰਜਿਸਟ੍ਰੇਸ਼ਨ ਕਰਨ ਵਾਲੇ ਕਰੀਬ 12 ਹਜ਼ਾਰ ਵਿਦਿਆਰਥੀ ਫੇਲ੍ਹ ਹੋ ਗਏ ਹਨ। ਸਾਲਿਸਟਰ ਜਨਰਲ ਨੇ ਕਿਹਾ ਕਿ ਨਵੀਂ ਰਜਿਸਟਰੇਸ਼ਨ ਖੋਲ੍ਹਣ ਦਾ ਮਕਸਦ ਕਿਸੇ ਵਿਅਕਤੀ ਵਿਸ਼ੇਸ਼ ਦੀ ਮਦਦ ਕਰਨਾ ਨਹੀਂ ਸੀ, ਇਹ ਵਿਦਿਆਰਥੀਆਂ ਦੀ ਭਲਾਈ ਲਈ ਕੀਤਾ ਗਿਆ ਸੀ। ਨਵੀਂਆਂ ਰਜਿਸਟ੍ਰੇਸ਼ਨਾਂ ਵਿੱਚੋਂ ਸਿਰਫ 44 ਹੀ ਦਾਖਲਾ ਲੈ ਸਕੇ ਹਨ।





