10.7 C
Jalandhar
Sunday, December 22, 2024
spot_img

ਮਾਨ ਵੱਲੋਂ ਤਮਗਾ ਜੇਤੂ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਬਰਮਿੰਘਮ (ਯੂ ਕੇ) ਵਿਖੇ ਚੱਲ ਰਹੀਆਂ ਰਾਸਟਰਮੰਡਲ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ ਹੈ |
ਮੁੱਖ ਮੰਤਰੀ ਨੇ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਾਭਾ ਨੇੜਲੇ ਪਿੰਡ ਮੈਹਸ ਦੀ ਉਭਰਦੀ ਖਿਡਾਰਨ ਨੇ ਇਸ ਵਿਲੱਖਣ ਪ੍ਰਾਪਤੀ ਨਾਲ ਮੁਲਕ ਦਾ ਨਾਂਅ ਰੌਸਨ ਕੀਤਾ ਹੈ | ਪੰਜਾਬ ਸਰਕਾਰ ਸੂਬੇ ਦੀ ਖੇਡ ਨੀਤੀ ਅਨੁਸਾਰ ਉਸ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ | ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਹਰਜਿੰਦਰ ਕੌਰ ਦੀ ਇਹ ਮਾਣਮੱਤੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਅਤੇ ਦੇਸ਼ ਦਾ ਨਾਂਅ ਚਮਕਾਉਣ ਲਈ ਪ੍ਰੇਰਿਤ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸਫਲਤਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਤ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇਗਾ | ਉਨ੍ਹਾ ਸਪੱਸ਼ਟ ਸ਼ਬਦਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਉਹਨਾ ਕਿਹਾ ਕਿ ਖੇਡਾਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਵਰਤਣ ਲਈ ਧੁਰੇ ਵਜੋਂ ਕੰਮ ਕਰਨਗੀਆਂ | ਉਹਨਾ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੀ ਪ੍ਰਕਿਰਿਆ ਵਜੋਂ ਖੇਡਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ | ਖੇਡਾਂ ਨਾ ਸਿਰਫ ਵਿਅਕਤੀ ਦੀ ਸਮੁੱਚੀ ਸ਼ਖਸੀਅਤ ਦਾ ਵਿਕਾਸ ਕਰਦੀਆਂ ਹਨ, ਸਗੋਂ ਉਨ੍ਹਾਂ ਅੰਦਰ ਸਵੈ-ਅਨੁਸ਼ਾਸਨ ਅਤੇ ਖੇਡ ਭਾਵਨਾ ਵਰਗੇ ਲੀਡਰਸ਼ਿਪ ਵਾਲੇ ਗੁਣਾਂ ਦੇ ਧਾਰਨੀ ਬਣਾ ਕੇ ਸਮਾਜ ਦੇ ਆਦਰਸ਼ ਨਾਗਰਿਕ ਬਣਾਉਂਦੀਆਂ ਹਨ | ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਖੇਡਾਂ ਨਾਲ ਲੰਮੇਰੀ ਸਾਂਝ ਹੈ, ਕਿਉਂਕਿ ਸੂਬੇ ਦੇ ਬਹੁਤ ਸਾਰੇ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਆਪਣਾ ਮੁਕਾਮ ਬਣਾਇਆ ਹੈ | ਉਨ੍ਹਾ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ, ਤਾਂ ਜੋ ਪੰਜਾਬ ਨੂੰ ਜਲਦੀ ਹੀ ਦੇਸ਼ ਭਰ ਵਿੱਚ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਬਣਾਇਆ ਜਾ ਸਕੇ |

Related Articles

LEAVE A REPLY

Please enter your comment!
Please enter your name here

Latest Articles