ਅਰੁੰਧਤੀ ਰਾਏ ਵਰਗੀਆਂ ਆਵਾਜ਼ਾਂ ਤੇ ਲੋਕਾਂ ਤੋਂ ਖ਼ੌਫ਼ ਖਾਂਦੀ ਹੈ ਸੱਤਾ : ਭਾਸ਼ਾ ਸਿੰਘ

0
131

ਜਲੰਧਰ (ਕੇਸਰ, ਰਾਜੇਸ਼ ਥਾਪਾ)
ਮੌਜੂਦਾ ਸਰਕਾਰ ਬਾਰੇ ਕਮਜ਼ੋਰ ਹੋਣ ਦਾ ਭਰਮ ਨਹੀਂ ਪਾਲਣਾ ਚਾਹੀਦਾ। ਇਹ ਪਹਿਲਾਂ ਤੋਂ ਵੀ ਵੱਡਾ ਹਮਲਾ ਕਰੇਗੀ। ਅਰੁੰਧਤੀ ਰਾਏ ਇਸ ਦਾ ਪ੍ਰਤੀਕ ਹੈ ਕਿ ਮੁਸ਼ਕਲ ਹਾਲਤਾਂ ਵਿਚ ਲੜਨਾ, ਲਿਖਣਾ, ਬੋਲਣਾ ਤੇ ਮੁਸਕਰਾਉਣਾ ਕਿਵੇਂ ਹੈ। ਸੱਤਾ ਇਸੇ ਮੁਸਕਰਾਹਟ ਤੋਂ ਡਰਦੀ ਹੈ। ਜੇ ਵਿਰੋਧੀ ਧਿਰ ਨਾਇਨਸਾਫ਼ੀ ਵਿਰੁੱਧ ਨਹੀਂ ਬੋਲੇਗੀ ਤਾਂ ਉਨ੍ਹਾਂ ਨੂੰ ਸੁਣਾਉਣੀ ਵੀ ਕਰ ਦੇਣੀ ਚਾਹੀਦੀ ਹੈ ਕਿ ਲੋਕ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਨਗੇ। ਸੱਤਾ ਲੋਕ ਸੰਘਰਸ਼ਾਂ ਤੋਂ ਖ਼ੌਫ਼ ਖਾਂਦੀ ਹੈ। ਅਰੁੰਧਤੀ ਰਾਏ ਸੰਘਰਸ਼ਾਂ ਦੀ ਆਵਾਜ਼ ਹੋਣ ਕਾਰਨ ਸੱਤਾ ਲੇਖਕਾ ਦੀ ਕਲਮ ਤੋਂ ਹੋਰ ਵੀ ਖ਼ੌਫ਼ਜ਼ਦਾ ਹੈ, ਇਸੇ ਲਈ ਉਸ ਨੂੰ ਮੁਕੱਦਮੇ ਵਿਚ ਉਲਝਾਉਣਾ ਚਾਹੁੰਦੀ ਹੈ।
ਇਹ ਵਿਚਾਰ ਐਤਵਾਰ ਸਥਾਨਕ ਦੇਸ਼ ਭਗਤ ਯਾਦਗਾਰ ਵਿਖੇ ਤਿੰਨ ਦਰਜਨ ਤੋਂ ਵੱਧ ਜਨਤਕ ਜਮਹੂਰੀ ਜਥੇਬੰਦੀਆਂ ਤੇ ਸਾਹਿਤਕ-ਸੱਭਿਆਚਾਰਕ ਸੰਸਥਾਵਾਂ ’ਤੇ ਆਧਾਰਤ ਕਾਲੇ ਕਾਨੂੰਨਾਂ ਵਿਰੁੱਧ ਸਾਂਝੀ ਕਮੇਟੀ ਵੱਲੋਂ ਆਯੋਜਿਤ ਕੀਤੀ ਸੂਬਾ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਵਕਤਾ ਉੱਘੀ ਪੱਤਰਕਾਰ ਭਾਸ਼ਾ ਸਿੰਘ ਨੇ ਪ੍ਰਗਟ ਕੀਤੇ। ਕਨਵੈਨਸ਼ਨ ਦੀ ਪ੍ਰਧਾਨਗੀ ਤਿੰਨ ਦਰਜਨ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਇਨਸਾਫ਼ਪਸੰਦ ਲੋਕ ਕਾਫ਼ਲੇ ਸ਼ਾਮਲ ਹੋਏ।
ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਣ ਸਿੰਘ ਨੇ ਕਿਹਾ ਕਿ ਬਸਤੀਵਾਦੀ ਕਾਨੂੰਨ ਪ੍ਰਣਾਲੀ ਨੂੰ ਖ਼ਤਮ ਕਰਨ ਦੇ ਨਾਂਅ ਹੇਠ ਦੇਸ਼ ਨੂੰ ਪੁਲਸ ਰਾਜ ਵਿਚ ਬਦਲਣ ਲਈ ਲਿਆਂਦੇ ਨਵੇਂ ਫ਼ੌਜਦਾਰੀ ਕਾਨੂੰਨ ਨਵੇਂ ਨਾਵਾਂ ਹੇਠ ਬਸਤੀਵਾਦੀ ਕਾਨੂੰਨਾਂ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਇਹ ਰੌਲਟ ਐਕਟ ਤੋਂ ਵੀ ਖ਼ਤਰਨਾਕ ਹਨ, ਜਿਨ੍ਹਾਂ ਨੂੰ ਰੱਦ ਕਰਾਉਣ ਲਈ ਭਾਰਤ ਦੇ ਆਜ਼ਾਦੀ ਸੰਗਰਾਮੀਆਂ ਨੇ ਆਪਣਾ ਲਹੂ ਡੋਲ੍ਹਿਆ ਸੀ। ਉਨ੍ਹਾ ਕਿਹਾ ਕਿ ਅਰੁੰਧਤੀ ਰਾਏ, ਪ੍ਰੋਫੈਸਰ ਸ਼ੌਕਤ, ਮੇਧਾ ਪਾਟੇਕਰ ਵਰਗੇ ਰੋਸ਼ਨ-ਖ਼ਿਆਲ ਬੁੱਧੀਜੀਵੀਆਂ ਤੇ ਹੱਕਾਂ ਦੇ ਪਹਿਰੇਦਾਰਾਂ ਦੀ ਜ਼ੁਬਾਨਬੰਦੀ ਕਰਕੇ ਅਤੇ ਕਾਲੇ ਕਾਨੂੰਨ ਥੋਪ ਕੇ ਨਾਗਰਿਕਾਂ ਦੀ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ ਦੇ ਫਾਸ਼ੀਵਾਦੀ ਹਮਲੇ ਪਿੱਛੇ ਦੇਸ਼ ਦੇ ਕੀਮਤੀ ਮਾਲ-ਖ਼ਜ਼ਾਨਿਆਂ ਨੂੰ ਮੁਲਕ ਦੇ ਇਜਾਰੇਦਾਰ ਸਰਮਾਏਦਾਰਾਂ ਅਤੇ ਸਾਮਰਾਜੀਆਂ ਦੇ ਹਵਾਲੇ ਕਰ ਦੇਣ ਦੀ ਡੂੰਘੀ ਸਾਜ਼ਿਸ਼ ਕੰਮ ਕਰਦੀ ਹੈ। ਐਡਵੋਕੇਟ ਦਲਜੀਤ ਸਿੰਘ ਅਤੇ ਐੱਨ ਕੇ ਜੀਤ ਨੇ ਕਿਹਾ ਕਿ ਇਹ ਕਾਨੂੰਨ ਸੰਘਰਸ਼ਾਂ ਰਾਹੀਂ ਹਾਸਲ ਕੀਤੇ ਜਮਹੂਰੀ ਹੱਕਾਂ ਦੀ ਸਪੇਸ ਨੂੰ ਖੋਹਣ ਲਈ ਹਨ। ਇਹ ਕਾਨੂੰਨ ਕੌਮਾਂਤਰੀ ਅਹਿਦਨਾਮਿਆਂ ਦੀ ਵੀ ਉਲੰਘਣਾ ਹੈ, ਜਿਨ੍ਹਾਂ ਉਪਰ ਭਾਰਤੀ ਹੁਕਮਰਾਨਾਂ ਨੇ ਦਸਤਖ਼ਤ ਕੀਤੇ ਹੋਏ ਹਨ।
ਤਰਕਸ਼ੀਲ ਸੁਸਾਇਟੀ ਦੇ ਸੂਬਾਈ ਆਗੂ ਮਾਸਟਰ ਰਾਜਿੰਦਰ ਭਦੌੜ ਨੇ ਕਿਹਾ ਕਿ ਅੱਜ ਦਾ ਇਕੱਠ ਬੁੱਧੀਜੀਵੀਆਂ ਦੀ ਜ਼ੁਬਾਨਬੰਦੀ ਕਰਕੇ ਅਤੇ ਕਾਲੇ ਕਾਨੂੰਨ ਥੋਪ ਕੇ ਪੁਲਸ ਰਾਜ ਵੱਲ ਵਧਣ ਦੀ ਬੇਹੱਦ ਖ਼ਤਰਨਾਕ ਸਾਜ਼ਿਸ਼ ਵਿਰੁੱਧ ਅਵਾਮ ਨੂੰ ਜਾਗਰੂਕ ਕਰਨ ’ਚ ਮੀਲ-ਪੱਥਰ ਸਾਬਤ ਹੋਵੇਗਾ ਅਤੇ ਤਿੰਨ ਖੇਤੀ ਕਾਨੂੰਨਾਂ ਵਾਂਗ ਹਕੂਮਤ ਦੇ ਤਾਜ਼ਾ ਫਾਸ਼ੀਵਾਦੀ ਹਮਲਿਆਂ ਨੂੰ ਵੀ ਲੋਕ ਤਾਕਤ ਨਾਲ ਠੱਲ੍ਹ ਪਾਈ ਜਾਵੇਗੀ।
ਡਾਕਟਰ ਪਰਮਿੰਦਰ ਨੇ ਕਿਹਾ ਕਿ ਪੰਜਾਬ ਵਿਚ ਉੱਭਰ ਰਹੀ ਜਮਹੂਰੀ ਹੱਕਾਂ ਦੀ ਚੇਤਨਾ ਅਤੇ ਰਾਖੀ ਦੀ ਲਹਿਰ ਲੋਕ ਸੰਘਰਸ਼ਾਂ ਦੇ ਇਤਿਹਾਸ ’ਚ ਨਵਾਂ ਅਧਿਆਏ ਜੋੜੇਗੀ ਅਤੇ ਇਹ ਫਾਸ਼ੀਵਾਦੀ ਹਕੂਮਤ ਨੂੰ ਚੇਤਾਵਨੀ ਵੀ ਹੋਵੇਗੀ ਕਿ ਮਹਾਨ ਗ਼ਦਰੀ ਬਾਬਿਆਂ, ਭਗਤ-ਸਰਾਭਿਆਂ ਦੀ ਜਾਬਰ ਸਾਮਰਾਜਵਾਦ ਵਿਰੁੱਧ ਲਾਸਾਨੀ ਜੱਦੋਜਹਿਦ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਅਤੇ ਸਟੇਟ ਦੇ ਫਾਸ਼ੀਵਾਦੀ ਕਦਮਾਂ ਦਾ ਜਵਾਬ ਪੰਜਾਬ ਦੇ ਜੁਝਾਰੂ ਲੋਕ ਵਿਸ਼ਾਲ ਜਨਤਕ ਲਾਮਬੰਦੀ ਨਾਲ ਦੇਣਗੇ। ਇਹ ਇਕੱਠ ਚੇਤਾਵਨੀ ਵੀ ਹੈ ਕਿ ਇਹ ਫਾਸ਼ੀਵਾਦੀ ਕਦਮ ਵਾਪਸ ਨਾ ਲਏ ਜਾਣ ਦੀ ਸੂਰਤ ’ਚ ਇਹ ਮੁਹਿੰਮ ਹੋਰ ਵਿਆਪਕ ਅਤੇ ਤੇਜ਼ ਹੋਵੇਗੀ। ਕਨਵੈਨਸ਼ਨ ਵਿਚ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਮੰਗ ਕੀਤੀ ਗਈ ਕਿ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੌਕਤ ਹੁਸੈਨ ਵਿਰੁੱਧ ਮੁਕੱਦਮਾ ਪੂਰੀ ਤਰ੍ਹਾਂ ਵਾਪਸ ਲਿਆ ਜਾਵੇ, ਪਿਛਲੇ ਦਿਨੀਂ ਲਾਗੂ ਕੀਤੇ ਤਿੰਨ ਫ਼ੌਜਦਾਰੀ ਕਾਨੂੰਨ, ਚਾਰ ਕਿਰਤ ਕੋਡ, ਡਿਜੀਟਲ ਮੀਡੀਆ ਰੈਗੂਲੇਸ਼ਨ ਅਤੇ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, ਪਬਲਿਕ ਸਕਿਉਰਿਟੀ ਐਕਟ ਅਤੇ ਮਹਾਰਾਸ਼ਟਰਾ ਪਬਲਿਕ ਸਕਿਉਰਿਟੀ ਬਿੱਲ, ਯੂ ਏ ਪੀ ਏ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਭੀਮਾ-ਕੋਰੇਗਾਓਂ ਅਤੇ ਹੋਰ ਕਥਿਤ ਸਾਜ਼ਿਸ਼ ਕੇਸਾਂ ਤਹਿਤ ਜੇਲ੍ਹਾਂ ’ਚ ਡੱਕੇ ਲੋਕਾਂ, ਬੁੱਧੀਜੀਵੀਆਂ ਅਤੇ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, 295/295-ਏ ਤਹਿਤ ਦਰਜ ਸਾਰੇ ਕੇਸ ਤੁਰੰਤ ਵਾਪਸ ਲਏ ਜਾਣ, ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀ ਤੁਰੰਤ ਰਿਹਾਅ ਕੀਤੇ ਜਾਣ, ਛੱਤੀਸਗੜ੍ਹ ਤੇ ਹੋਰ ਸੂਬਿਆਂ ਵਿਚ ਕੁਦਰਤੀ ਵਸੀਲਿਆਂ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਝੂਠੇ ਮੁਕਾਬਲਿਆਂ, ਡਰੋਨ ਹਮਲਿਆਂ ਅਤੇ ਹੋਰ ਰੂਪਾਂ ਵਿਚ ਆਦਿਵਾਸੀਆਂ ਦਾ ਘਾਣ ਤੇ ਉਜਾੜਾ ਬੰਦ ਕੀਤਾ ਜਾਵੇ, ਘੱਟ ਗਿਣਤੀ ਮੁਸਲਮਾਨਾਂ ਅਤੇ ਈਸਾਈਆਂ ਵਿਰੁੱਧ ਨਫ਼ਰਤ ਭੜਕਾਊ ਮੁਹਿੰਮ, ਹਜੂਮੀ ਹਿੰਸਾ ਅਤੇ ਬੁਲਡੋਜ਼ਰ ਰਾਜ ਬੰਦ ਕੀਤਾ ਜਾਵੇ, ਕਸ਼ਮੀਰ ਵਿਚ ਪਬਲਿਕ ਸਕਿਉਰਿਟੀ ਐਕਟ ਅਤੇ ਯੂ ਏ ਪੀ ਏ ਲਗਾ ਕੇ ਜੇਲ੍ਹਾਂ ਵਿਚ ਡੱਕੇ ਪੱਤਰਕਾਰਾਂ, ਵਕੀਲਾਂ ਤੇ ਹੋਰ ਕਾਰਕੁਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਮਨੀਪੁਰ ਵਿਚ ਭਾਜਪਾ ਫਿਰਕੂ ਭਰਾ-ਮਾਰੂ ਖ਼ਾਨਾਜੰਗੀ ਅਤੇ ਔਰਤਾਂ ਵਿਰੁੱਧ ਜਿਨਸੀ ਹਿੰਸਾ ਤੁਰੰਤ ਬੰਦ ਕਰੇ, ਗਾਜ਼ਾ ਪੱਟੀ ਵਿਚ ਫ਼ਲਸਤੀਨੀਆਂ ਦੀ ਬੇਕਿਰਕ ਹਮਲਿਆਂ ਰਾਹੀਂ ਨਸਲਕੁਸ਼ੀ ਬੰਦ ਕੀਤੀ ਜਾਵੇ ਅਤੇ ਫ਼ਲਸਤੀਨ ਉੱਪਰ ਫ਼ਲਸਤੀਨੀ ਲੋਕਾਂ ਦਾ ਵਾਹਦ ਹੱਕ ਸਵੀਕਾਰ ਕੀਤਾ ਜਾਵੇ।
ਕਨਵੈਨਸ਼ਨ ਤੋਂ ਬਾਅਦ ਸ਼ਹਿਰ ਵਿਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂ, ਕਾਰਕੁਨ, ਸੰਘਰਸ਼ਸ਼ੀਲ ਔਰਤਾਂ, ਨਾਮਵਰ ਲੇਖਕ, ਪੱਤਰਕਾਰ ਅਤੇ ਹੋਰ ਜਮਹੂਰੀ ਸ਼ਖਸੀਅਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ। ਕਨਵੈਨਸ਼ਨ ਅਤੇ ਮੁਜ਼ਾਹਰੇ ਦੀ ਤਿਆਰੀ ਲਈ ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਜ਼ਿਲ੍ਹਾ ਜਲੰਧਰ ਦੇ ਸਾਥੀਆਂ ਕ੍ਰਮਵਾਰ ਡਾ. ਸੈਲੇਸ਼, ਪਰਮਜੀਤ, ਪਰਮਜੀਤ ਕਡਿਆਣਾ, ਨਸੀਬ ਚੰਦ ਬੱਬੀ, ਸੁਖਵਿੰਦਰ ਬਾਗਪੁਰ, ਬਿੱਟੂ ਰੂਪੇਵਾਲੀ, ਬਿੱਟੂ ਮਾਲੜੀ ਆਦਿ ਨੇ ਪ੍ਰਬੰਧਕੀ ਕੰਮਾਂ ਨੂੰ ਸੁਹਿਰਦਤਾ ਨਾਲ ਨੇਪਰੇ ਚਾੜ੍ਹਨ ਲਈ ਦਿਨ-ਰਾਤ ਇਕ ਕਰ ਦਿੱਤਾ।

LEAVE A REPLY

Please enter your comment!
Please enter your name here