ਚੰਡੀਗੜ੍ਹ, (ਗੁਰਜੀਤ ਬਿੱਲਾ)-ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐੱਸ ਸੀ) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀ ਪੀ ਐੱਸ ਸੀ ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ | ਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ | ਉਹਨਾ ਕਿਹਾ ਕਿ ਇਨ੍ਹਾਂ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹੀ ਗਈ ਤਾਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ |