27.5 C
Jalandhar
Friday, October 18, 2024
spot_img

ਬਜਟ ’ਚ ਪੰਜਾਬ ਨਾਲ ਘੋਰ ਵਿਤਕਰਾ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰੀ ਬਜਟ ਪੰਜਾਬ ਪ੍ਰਤੀ ਵਿਤਕਰੇ ਭਰਪੂਰ ਹੈ ਅਤੇ ਇਹ ਸੂਬੇ ਦੀਆਂ ਮੰਗਾਂ ਵਿੱਚੋਂ ਇਕ ਵੀ ਮੰਨਣ ਵਿਚ ਫੇਲ੍ਹ ਸਾਬਤ ਹੋਇਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੁਖਬੀਰ ਨੇ ਕਿਹਾ ਕਿ ਫਸਲੀ ਵਿਭਿੰਨਤਾ ਜਾਂ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫੀ ਵਾਸਤੇ ਕੋਈ ਰਾਸ਼ੀ ਨਹੀਂ ਰੱਖੀ ਗਈ। ਉਨ੍ਹਾ ਕਿਹਾ ਕਿ ਗਰੀਬਾਂ ਤੇ ਨੌਜਵਾਨਾਂ ਨੂੰ ਵੀ ਕੱਖ ਨਹੀਂ ਦਿੱਤਾ ਗਿਆ। ਮਨਰੇਗਾ ਵਾਸਤੇ ਕੋਈ ਵਾਧਾ ਨਹੀਂ ਕੀਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਗਠਜੋੜ ਦੇ ਸਮਝੌਤੇ ਕੌਮੀ ਹਿੱਤਾਂ ’ਤੇ ਭਾਰੂ ਪੈ ਗਏ ਹਨ। ਜਿਸ ਤਰੀਕੇ ਸਹਿਯੋਗੀਆਂ ਵਾਸਤੇ ਫੰਡ ਦਿੱਤੇ ਗਏ ਹਨ, ਸਰਕਾਰ ਨੇ ਕਈ ਰਾਜਾਂ ਨੂੰ ਫੰਡਾਂ ਤੋਂ ਵਿਹੂਣਾ ਕਰ ਦਿੱਤਾ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਸੱਤਵੀਂ ਵਾਰ ਬੱਜਟ ਪੇਸ਼ ਕਰਕੇ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਇੱਕ ਹੋਰ ਰਿਕਾਰਡ ਵੀ ਬਣ ਗਿਆ ਹੈ, ਜਿਸ ਮੁਤਾਬਕ ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆਂ ਕੀਤਾ ਹੈ। ਇਹ ਬੱਜਟ ਨਿਰਾਸ਼ਾਵਾਦੀ ਬੱਜਟ ਤੋਂ ਵੱਧ ਕੁਝ ਨਹੀਂ ਹੈ। 48 ਲੱਖ ਕਰੋੜ ਰੁਪਏ ਦਾ ਬੱਜਟ ਹੈ, ਜਿਸ ’ਚੋਂ 1.52 ਲੱਖ ਕਰੋੜ ਰੁਪਏ ਕਿਸਾਨਾਂ ਨੂੰ ਦਿੱਤੇ ਗਏ ਹਨ, ਜੋ ਬੱਜਟ ਦਾ 3 ਫੀਸਦੀ ਵੀ ਨਹੀਂ ਹਨ। ਸਿਰਫ 1.52 ਲੱਖ ਕਰੋੜ ਰੁਪਏ ਦੇ ਬੱਜਟ ’ਚ ਕਿਹਾ ਜਾ ਰਿਹਾ ਹੈ ਕਿ ਕੁਦਰਤੀ ਖੇਤੀ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ, ਵਾਤਾਵਰਨ ਅਨੁਸਾਰ ਬੀਜਾਂ ਦੀ ਖੋਜ ਕੀਤੀ ਜਾਵੇਗੀ ਅਤੇ ਪੇਂਡੂ ਵਿਕਾਸ ਵੀ ਹੋਵੇਗਾ, ਜੋ ਕਿ ਅਸੰਭਵ ਹੈ। ਬੱਜਟ ’ਚ ਨਾ ਤਾਂ ਘੱਟੋਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਐਕਟ ਦੀ ਗੱਲ ਕਹੀ ਗਈ ਹੈ, ਨਾ ਹੀ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਕੋਈ ਜ਼ਿਕਰ ਹੈ, ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਕੁਝ ਨਹੀਂ ਹੈ।
ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਬੱਜਟ ’ਚ ਪੰਜਾਬ ਤੇ ਕਿਸਾਨੀ ਲਈ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ। ਪੰਜਾਬੀਆਂ ਅਤੇ ਪੰਜਾਬ ਨੂੰ ਇਹ ਨਿਰਾਸ਼ ਕਰਨ ਵਾਲਾ ਬੱਜਟ ਹੈ।

Related Articles

LEAVE A REPLY

Please enter your comment!
Please enter your name here

Latest Articles