ਸੁਖਬੀਰ ਤੇ ਧਾਮੀ ਵੱਲੋਂ ਜਥੇਦਾਰ ਨੂੰ ਲਿਖਤੀ ਸਫਾਈ ਪੇਸ਼

0
90

ਅੰਮਿ੍ਰਤਸਰ, (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ’ਤੇ ਨਾਰਾਜ਼ ਅਕਾਲੀਆਂ ਵੱਲੋਂ ਲਾਏ ਗਏ ਦੋਸ਼ਾਂ ਦੇ 15 ਦਿਨਾਂ ਦੇ ਅੰਦਰ-ਅੰਦਰ ਮੰਗੇ ਜਵਾਬ ਦੇ ਮੱਦੇਨਜ਼ਰ ਬੁੱਧਵਾਰ ਆਪਣਾ ਸਪੱਸ਼ਟੀਕਰਨ ਜਥੇਦਾਰ ਅਕਾਲ ਤਖਤ ਨੂੰ ਸੌਂਪਿਆ।ਪਹਿਲੀ ਜੁਲਾਈ ਨੂੰ ਨਾਰਾਜ਼ ਅਕਾਲੀਆਂ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ ਆਦਿ ਨੇ ਜਥੇਦਾਰ ਅਕਾਲ ਤਖਤ ਨੂੰ ਇੱਕ ਕਬੂਲਨਾਮਾ ਦੇ ਕੇ ਦਰਖਾਸਤ ਦਿੱਤੀ ਸੀ ਕਿ ਉਹਨਾਂ ਕੋਲੋਂ ਪਿਛਲੇ ਸਮੇਂ ਕਈ ਗਲਤੀਆਂ ਹੋਈਆ ਹਨ, ਜਿਹਨਾਂ ਨੂੰ ਲੈ ਕੇ ਉਹ ਗੁਰੂ ਗ੍ਰੰਥ ਤੇ ਗੁਰੂ ਪੰਥ ਦੀ ਮਰਿਆਦਾ ਅਨੁਸਾਰ ਪਸ਼ਚਾਤਾਪ ਕਰਨਾ ਚਾਹੁੰਦੇ ਹਨ।ਕਬੂਲਨਾਮੇ ਵਿੱਚ ਬਾਗੀ ਅਕਾਲੀਆਂ ਨੇ ਲਿਖਿਆ ਸੀ ਕਿ ਸੌਦਾ ਸਾਧ ਨੂੰ ਮੁਆਫੀ ਦੇਣੀ ਤੇ ਫਿਰ ਵਾਪਸ ਲੈਣੀ, ਬਰਗਾੜੀ ਕਾਂਡ ਵਿੱਚ ਸਹੀ ਭੂਮਿਕਾ ਨਿਭਾ ਨਾ ਸਕਣਾ, ਸੁਮੇਧ ਸਿੰਘ ਸੈਣੀ ਨੂੰ ਡੀ ਜੀ ਪੀ ਲਗਾੳਣਾ, ਇਜ਼ਹਾਰ ਆਲਮ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨਾ ਆਦਿ ਸ਼ਾਮਲ ਹਨ।ਇਸੇ ਤਰ੍ਹਾਂ ਸੌਦਾ ਸਾਧ ਦੀ ਮੁਆਫੀ ਨੂੰ ਲੈ ਕੇ 90 ਲੱਖ ਦੇ ਇਸ਼ਤਿਹਾਰ ਦੇਣਾ ਵੀ ਸ਼ਾਮਲ ਹੈ।ਅਕਾਲ ਤਖਤ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ 90 ਲੱਖ ਦੇ ਇਸ਼ਤਿਹਾਰ ਦੇਣਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਕੋਲੋਂ ਹੋਈਆਂ ਭੁੱਲਾਂ ਦਾ ਸਪੱਸ਼ਟੀਕਰਨ ਮੰਗਿਆ ਗਿਆ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ-ਆਪਣਾ ਸਪੱਸ਼ਟੀਕਰਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੰਦ ਕਮਰੇ ਵਿੱਚ ਸੌਂਪਿਆ।ਇਹ ਵੀ ਜਾਣਕਾਰੀ ਮਿਲੀ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਤੋਂ ਪਹਿਲਾਂ ਜਥੇਦਾਰ ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਇੱਕ ਘੰਟਾ ਬੰਦ ਕਮਰਾ ਮੀਟਿੰਗ ਵੀ ਹੋਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖਤ ਸਕੱਤਰੇਤ ਵਿਖੇ ਆਪਣੇ ਲਿਖਤੀ ਰੂਪ ਵਿਚ ਸਪੱਸ਼ਟੀਕਰਨ ਪੱਤਰ ਦਿੱਤੇ ਗਏ ਹਨ। ਗਿਆਨੀ ਰਘਬੀਰ ਸਿੰਘ ਨੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਪੱਸ਼ਟੀਕਰਨ ਆ ਗਿਆ ਹੈ ਤੇ ਜਲਦੀ ਹੀ ਪੰਜ ਜਥੇਦਾਰਾਂ ਦੀ ਇਕੱਤਰਤਾ ਬੁਲਾ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਸੁਖਬੀਰ ਬਾਦਲ ਤੇ ਧਾਮੀ ਦੇ ਪੇਸ਼ ਹੋਣ ਸਮੇਂ ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਭੂੰਦੜ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਵੀ ਹਾਜ਼ਰ ਸਨ।
ਸੁਖਬੀਰ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਪਰਤ ਗਏ। ਧਾਮੀ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਉਨ੍ਹਾ ਨੂੰ ਮਨਜ਼ੂਰ ਹੋਵੇਗਾ।

LEAVE A REPLY

Please enter your comment!
Please enter your name here