ਨਵੀਂ ਦਿੱਲੀ : ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਵੀਰਵਾਰ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 31 ਜੁਲਾਈ ਅਤੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ 8 ਅਗਸਤ ਤੱਕ ਵਧਾ ਦਿੱਤੀ। ਇਸੇ ਤਰ੍ਹਾਂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਭਾਰਤ ਰਾਸ਼ਟਰ ਸਮਿਤੀ ਦੀ ਆਗੂ ਕੇ. ਕਵਿਤਾ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ।
ਦਿੱਲੀ ’ਚ ‘ਆਪ’ ਦਾ ਨਵਾਂ ਦਫਤਰ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ‘ਆਪ’ ਨੂੰ ਲੁਟੀਅਨਜ਼ ਦਿੱਲੀ ਖੇਤਰ ’ਚ ਨਵਾਂ ਦਫਤਰ ਅਲਾਟ ਕੀਤਾ ਗਿਆ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ‘ਆਪ’ ਦਾ ਨਵਾਂ ਦਫਤਰ ਪੰਡਤ ਰਵੀ ਸ਼ੰਕਰ ਸ਼ੁਕਲਾ ਲੇਨ ’ਚ ਬੰਗਲਾ ਨੰਬਰ ਇਕ ਹੈ। ‘ਆਪ’ ਦਾ ਦਫਤਰ ਪਹਿਲਾਂ ਰੋਜ਼ ਐਵੇਨਿਊ ਵਿਖੇ ਸਥਿਤ ਸੀ। ਦਿੱਲੀ ਹਾਈ ਕੋਰਟ ਨੇ ‘ਆਪ’ ਨੂੰ ਰਾਸ਼ਟਰੀ ਪਾਰਟੀ ਦੇ ਦਰਜੇ ਦੀ ਮਾਨਤਾ ਦਿੰਦੇ ਹੋਏ ਦਫਤਰ ਦੀ ਜਗ੍ਹਾ ਦਾ ਫੈਸਲਾ ਕਰਨ ਲਈ ਕੇਂਦਰ ਨੂੰ ਵੀਰਵਾਰ ਤੱਕ ਦਾ ਸਮਾਂ ਦਿੱਤਾ ਸੀ।
ਬਿਭਵ ਸੁਪਰੀਮ ਕੋਰਟ ਪੁੱਜਾ
ਨਵੀਂ ਦਿੱਲੀ : ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਨੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਸੀ। ਉਸ ਨੇ ਕਿਹਾ ਹੈ ਕਿ ਜਾਂਚ ਪੂਰੀ ਹੋਣ ਕਾਰਨ ਉਸ ਦੀ ਹਿਰਾਸਤ ਦੀ ਲੋੜ ਨਹੀਂ ਹੈ।
ਜੈਨ ਦੀ ਪਟੀਸ਼ਨ ’ਤੇ ਈ ਡੀ ਨੂੰ ਨੋਟਿਸ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਦੀ ਜਸਟਿਸ ਨੀਨਾ ਬਾਂਸਲ ਕਿ੍ਰਸ਼ਨਾ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਅਤੇ ਹੋਰਨਾਂ ਵਿਰੁੱਧ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਸਥਿਤੀ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।