ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਜਪਾ ਸ਼ਾਸਤ ਯੂ ਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵੱਲੋਂ ਕਾਂਵੜ ਯਾਤਰਾ ਦੇ ਰੂਟਾਂ ਦੇ ਨਾਲ-ਨਾਲ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ, ਸਟਾਫ ਅਤੇ ਹੋਰ ਲੋਕਾਂ ਦੇ ਨਾਂਅ ਪ੍ਰਦਰਸ਼ਤ ਕਰਨ ਲਈ ਜਾਰੀ ਕੀਤੇ ਗਏ ਨਿਰਦੇਸ਼ਾਂ ’ਤੇ ਰੋਕ ਲਗਾਉਣ ਦੇ ਆਪਣੇ 22 ਜੁਲਾਈ ਦੇ ਅੰਤਰਮ ਹੁਕਮਾਂ ਨੂੰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਐੱਸ ਵੀ ਐੱਨ ਭੱਟੀ ਦੀ ਬੈਂਚ ਨੇ ਸ਼ੁੱਕਰਵਾਰ ਕਿਹਾ ਕਿ ਉਹ 22 ਜੁਲਾਈ ਦੇ ਹੁਕਮਾਂ ’ਤੇ ਕੋਈ ਸਪੱਸ਼ਟੀਕਰਨ ਜਾਰੀ ਨਹੀਂ ਕਰਨਗੇ। ਅਦਾਲਤ ਨੇ ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰਾਂ ਨੂੰ ਆਪਣੇ-ਆਪਣੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਜਵਾਬ ਦਾਖਲ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 5 ਅਗਸਤ ’ਤੇ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਯੂ ਪੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਇਕ ਹਲਫ਼ਨਾਮਾ ਦਾਇਰ ਕਰਦਿਆਂ ਸਰਕਾਰ ਵੱਲੋਂ ਕਾਂਵੜ ਯਾਤਰਾ ਦੌਰਾਨ ਦੁਕਾਨਾਂ ’ਤੇ ਨੇਮ ਪਲੇਟ ਲਗਾਉਣ ਦੇ ਆਪਣੇ ਹੁਕਮਾਂ ਨੂੰ ਜਾਇਜ਼ ਠਹਿਰਾਇਆ ਸੀ। ਸਰਕਾਰ ਨੇ ਕਿਹਾ ਸੀ ਕਿ ਕਾਂਵੜ ਯਾਤਰਾ ਸ਼ਾਂਤੀਪੂਰਨ ਕਰਨ ਅਤੇ ਪਾਰਦਰਸ਼ਤਾ ਬਣਾਈ ਰੱਖਣ ਦੇ ਉਦੇਸ਼ ਨਾਲ ਇਹ ਨਿਰਦੇਸ਼ ਜਾਰੀ ਕੀਤੇ ਗਏ ਸਨ।


