25.4 C
Jalandhar
Friday, October 18, 2024
spot_img

ਕੇਂਦਰ ਨੇ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣਬੁੱਝ ਕੇ ਰੋਕੇ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ/ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ, ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ।
ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ, ਕਿਉਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ 1.75 ਕਰੋੜ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਇੱਥੋਂ ਦਵਾਈ ਲੈ ਕੇ ਹੀ ਠੀਕ ਹੋ ਜਾਂਦੇ ਹਨ। ਉਹਨਾ ਕਿਹਾ ਕਿ ਜਦੋਂ ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਹੀ ਲੋਕ ਵੱਡੀ ਗਿਣਤੀ ਵਿੱਚ ਇਥੋਂ ਦਵਾਈ ਲੈਣ ਆ ਰਹੇ ਹਨ, ਜਿਸ ਤੋਂ ਪਤਾ ਚਲਦਾ ਹੈ ਕਿ ਸੂਬੇ ਦਾ ਹਰ ਤੀਜਾ ਵਿਅਕਤੀ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 58 ਐਂਬੂਲੈਂਸਾਂ ਸਮਰਪਿਤ ਕੀਤੀਆਂ ਗਈਆਂ ਹਨ, ਜੋ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ’ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਮਾਨ ਨੇ ਕਿਹਾ ਕਿ ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।ਮੁੱਖ ਮੰਤਰੀ ਨੇ ਇਸ ਗੱਲ ’ਤੇ ਅਫਸੋਸ ਅਤੇ ਹੈਰਾਨੀ ਜ਼ਾਹਰ ਕੀਤੀ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਲੈ ਕੇ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਾਏ ਗਏ ਯੋਗਦਾਨ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਸੂਬੇ ਨਾਲ ਕੀਤਾ ਜਾ ਰਿਹਾ ਇਹ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਸਰਕਾਰ ਦੀ ਸੂਬੇ ਪ੍ਰਤੀ ਮਾੜੀ ਮਾਨਸਿਕਤਾ ਨੂੰ ਦਰਸਾਉਦਾ ਹੈ। ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਵਾਸੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ।ਮੁੱਖ ਮੰਤਰੀ ਨੇ ਪੰਜਾਬੀਆਂ ਵੱਲੋਂ ਹਰ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਵਾਸਤੇ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਦੁਹਰਾਈ। ਉਨ੍ਹਾ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਪੰਜਾਬ ਹਰ ਖੇਤਰ ਵਿੱਚ ਸ਼ਾਨਦਾਰ ਤਰੱਕੀ ਕਰੇ ਜਿਸ ਸਦਕਾ ਸੂਬੇ ਦੀ ਪ੍ਰਗਤੀ ਅਤੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਮੌਜੂਦਾ ਸਮੇਂ ਵਿਚ ਦੂਜੇ ਸੂਬਿਆਂ ਨੂੰ ਦਿੱਤੀ ਗਈ ਵਿਸ਼ੇਸ਼ ਟੈਕਸ ਛੋਟ ਸੂਬੇ ਦੇ ਉਦਯੋਗਿਕ ਵਿਕਾਸ ਵਿਚ ਵੱਡੀ ਰੁਕਾਵਟ ਬਣ ਰਹੀ ਹੈ, ਕਿਉਕਿ ਇਸ ਕਾਰਨ ਉਦਯੋਗਿਕ ਇਕਾਈਆਂ ਦੂਜੇ ਸੂਬਿਆਂ ਵੱਲ ਹਿਜਰਤ ਕਰ ਰਹੀਆਂ ਹਨ।ਮੁੱਖ ਮੰਤਰੀ ਨੇ ਸੂਬੇ ਦੇ ਨਵੇਂ ਰਾਜਪਾਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਸਰਕਾਰ ਅਤੇ ਰਾਜਪਾਲ ਦੇ ਅਹੁਦੇ, ਦੋਵਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਅਹੁਦਾ ਛੱਡ ਰਹੇ ਰਾਜਪਾਲ ਨੇ ਪੰਜਾਬ ਸਰਕਾਰ ਦੇ ਸੁਚਾਰੂ ਕੰਮਕਾਜ ਵਿੱਚ ਬੇਲੋੜੀ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਰਾਜਪਾਲ ਨੇ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ ਅਤੇ ਬਾਅਦ ਵਿੱਚ ਮਨਜ਼ੂਰੀ ਦੇਣ ਲਈ ਸੈਸ਼ਨ ਨੂੰ ਗੈਰ-ਵਾਜਬ ਕਰਾਰ ਦਿੱਤਾ ਸੀ।

Related Articles

LEAVE A REPLY

Please enter your comment!
Please enter your name here

Latest Articles