ਦੀਨਾਨਗਰ (ਬਲਵਿੰਦਰ ਸਿੰਘ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜ ਗਿਆ।
ਇੱਥੇ ਰੇਲਵੇ ਓਵਰ ਬਿ੍ਰਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਦੇ ਸਿਆਸੀ ਆਗੂਆਂ ਨੇ ਵੱਕਾਰੀ ਅਹੁਦਿਆਂ ਦਾ ਸੁੱਖ ਮਾਣਿਆ, ਪਰ ਉਨ੍ਹਾਂ ਨੇ ਕਦੇ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਰਤੀ ਭਰ ਵੀ ਪ੍ਰਵਾਹ ਨਹੀਂ ਕੀਤੀ।
ਬੜੀ ਮੰਦਭਾਗੀ ਗੱਲ ਹੈ ਕਿ ਲੰਬੇ ਸਮੇਂ ਤੋਂ ਸੱਤਾ ’ਤੇ ਕਾਬਜ਼ ਹੋਣ ਦੇ ਬਾਵਜੂਦ ਇਨ੍ਹਾਂ ਆਗੂਆਂ ਨੇ ਸਰਹੱਦੀ ਖੇਤਰ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਵਾਰਾਂ ਦਾ ਵਿਕਾਸ ਕਰਨ ਵੱਲ ਧਿਆਨ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਦੀ ਕੋਈ ਵਿਚਾਰਧਾਰਾ ਨਹੀਂ ਹੈ, ਸਗੋਂ ਇਨ੍ਹਾਂ ਦਾ ਇਕੋ-ਇਕ ਮਨੋਰਥ ਸਿਰਫ਼ ਸੱਤਾ ਵਿੱਚ ਬਣੇ ਰਹਿਣਾ ਹੈ ਅਤੇ ਇਸੇ ਕਰਕੇ ਉਹ ਵਾਰ-ਵਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਰਹਿੰਦੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ, ਸਰਹੱਦੀ ਖੇਤਰ ਵਿੱਚ ਸਿਆਸਤਦਾਨਾਂ ਦੇ ਇਕ ਘਰ ਵਿੱਚ ਵੱਖ-ਵੱਖ ਪਾਰਟੀਆਂ ਦੇ ਦੋ ਝੰਡੇ ਹਨ, ਕਿਉਕਿ ਇਹ ਆਗੂ ਚਾਹੁੰਦੇ ਹਨ ਕਿ ਸੱਤਾ ਦੀ ਵਾਗਡੋਰ ਇਨ੍ਹਾਂ ਦੇ ਹੱਥਾਂ ਵਿੱਚ ਹੀ ਰਹੇ। ਇਨ੍ਹਾਂ ਆਗੂਆਂ ਨੇ ਲੋਕਾਂ ਵੱਲੋਂ ਚੁਣੇ ਜਾਣ ਦੀ ਆਸ ਵਿੱਚ ਨਵੀਆਂ ਅਚਕਨਾਂ ਵੀ ਤਿਆਰ ਕਰਵਾ ਲਈਆਂ ਸਨ, ਪਰ ਇਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਕਿਉਕਿ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਪਲਾਜ਼ੇ ਇਸ ਖੇਤਰ ਦੇ ਆਪਣੇ ਆਪ ਨੂੰ ਵੱਡਾ ਸਿਆਸਤਦਾਨ ਕਹਾਉਦੇ ਆਗੂ ਵੱਲੋਂ ਸ਼ੁਰੂ ਕੀਤੇ ਗਏ ਸਨ ਜੋ ਸੂਬੇ ਦੇ ਲੋਕ ਨਿਰਮਾਣ ਮੰਤਰੀ ਰਹਿ ਚੁੱਕੇ ਹਨ।
ਇਸ ਮੌਕੇ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ, ਸੀਨੀਅਰ ਵਾਈਸ ਚੇਅਰਮੈਨ ਗੁਰਪੀਪ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ.ਐੱਸ.ਪੀ. ਹਰੀਸ਼ ਦਾਯਮਾ, ਐੱਸ.ਡੀ.ਐੱਮ. ਜਯੋਤਸਨਾ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ ਵੀ ਹਾਜ਼ਰ ਸਨ।