ਰਾਜਪੁਰਾ, (ਰਮੇਸ਼ ਕਟਾਰੀਆ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾ ਲੋਕਾਂ ਨਾਲ ਵੀ ਵਿਸਥਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਮੁੱਖ ਮੰਤਰੀ ਅਤੇ ਉਨ੍ਹਾ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਅਧਿਕਾਰੀਆਂ ਦਾ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ, ਸਗੋਂ ਇਸ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਦੌਰਾ ਕਰ ਰਿਹਾ ਹੈ।
ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।





