ਫਿਲੌਰ (ਨਿਰਮਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44, 250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਇੱਥੇ ਪੁਲਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ।
ਮੁੱਖ ਮੰਤਰੀ ਨੇ ਪੁਲਸ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਸ ਨੇ ਹਮੇਸ਼ਾ ਇਸ ਦੀ ਸਪਲਾਈ ਨੂੰ ਰੋਕਣ ਲਈ ਬੈਰੀਅਰ ਵਜੋਂ ਕੰਮ ਕੀਤਾ ਹੈ। ਹੁਣ ਸਮਾਂ ਆ ਗਿਆ ਹੈ, ਜਦੋਂ ਪੰਜਾਬ ਪੁਲਸ ਨੂੰ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਣਾ ਚਾਹੀਦਾ ਹੈ, ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।