ਬਾਦਲਾਂ ਦੇ ਗੁਨਾਹ ਨਾਮੁਆਫੀਯੋਗ : ਮਾਨ

0
82

ਹੁਸ਼ਿਆਰਪੁਰ (ਬਲਬੀਰ ਸਿੰਘ ਸੈਣੀ, ਓਮ ਪ੍ਰਕਾਸ਼ ਰਾਣਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬੇ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ ਲਾਗੂ ਕਰਨ ਵਾਲਾ ਦੇਸ਼ ਵਿੱਚ ਪਹਿਲਾ ਸੂਬਾ ਹੈ ਤਾਂ ਕਿ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਆਲਮੀ ਤਪਸ਼ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮਦਦ ਨਾਲ ਸੂਬੇ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ਵਿੱਚ 45 ਕਰੋੜ ਰੁਪਏ ਵੰਡੇ ਜਾਣਗੇ। ਮਾਨ ਨੇ ਇਸ ਸਕੀਮ ਅਧੀਨ ਪਹਿਲੀ ਕਿਸ਼ਤ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ 818 ਕਿਸਾਨਾਂ ਨੂੰ 1.75 ਕਰੋੜ ਰੁਪਏ ਦੇ ਚੈੱਕ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੰਡ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ਵਿੱਚ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪੋ-ਆਪਣੇ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਬਾਰੇ ਕਾਨੂੰਨ ਵੀ ਬਣਾਇਆ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, ਬਾਦਲ ਪਰਵਾਰ ਦਾ ਫਰਜੰਦ ਹੁਣ ਆਪਣੇ ਕੀਤੇ ਦੀ ਮੁਆਫੀ ਮੰਗ ਰਿਹਾ ਹੈ, ਪਰ ਉਸ ਨੂੰ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਮੁਆਫ਼ ਕੀਤਾ ਜਾ ਸਕਦਾ ਪਰ ਗੁਨਾਹ ਕਦੇ ਮਾਫ਼ ਨਹੀਂ ਹੁੰਦੇ। ਬਾਦਲ ਪਰਵਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਬੱਜਰ ਗੁਨਾਹ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਕਾਂਡ ਬਾਰੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਇਸ ਅਪਰਾਧ ਦੇ ਅਸਲ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਬਾਗ਼ੀ ਅਕਾਲੀ ਲੀਡਰਸ਼ਿਪ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ, ਜਦਕਿ ਜਦੋਂ ਇਹ ਗੁਨਾਹ ਕੀਤੇ ਜਾ ਰਹੇ ਸਨ ਤਾਂ ਉਸ ਵੇਲੇ ਇਹ ਬਾਗੀ ਲੀਡਰਸ਼ਿਪ ਵੀ ਬਾਦਲ ਪਰਵਾਰ ਨਾਲ ਘਿਓ-ਖਿਚੜੀ ਸੀ। ਇਹ ਆਗੂ ਹੁਣ ਸਿਰਫ਼ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਮੁਕਤ ਨਹੀਂ ਹੋ ਸਕਦੇ।ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਖੁਰਾਕ ਤੇ ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ, ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here