ਚੰਡੀਗੜ੍ਹ (ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਉਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ।ਮੁੱਖ ਮੰਤਰੀ ਨੇ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਉਲੰਪਿਕ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ਉਤੇ ਚੁੱਪ ਧਾਰੀ ਹੋਈ ਹੈ। ਉਨ੍ਹਾ ਕਿਹਾ ਕਿ ਫੋਗਾਟ ਸੋਨ ਤਮਗੇ ਦੀ ਮਜ਼ਬੂਤ ਦਾਅਵੇਦਾਰ ਸੀ। ਇਸੇ ਤਰ੍ਹਾਂ ਹਾਕੀ ਖਿਡਾਰੀਆਂ ਨੂੰ ਬਿਨਾਂ ਕਿਸੇ ਕਸੂਰ ਦੇ ਰੈੱਡ ਕਾਰਡ ਦਿਖਾਉਣਾ ਅਣ-ਉਚਿਤ ਹੈ। ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਭਾਰਤ ਸਰਕਾਰ ਤੇ ਭਾਰਤੀ ਉਲੰਪਿਕ ਐਸੋਸੀਏਸ਼ਨ ਮੂਕ-ਦਰਸ਼ਕ ਬਣੇ ਹੋਏ ਹਨ।