ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧਿਆਨ ਪੰਜਾਬ ਦੇ ਕਈ ਭੱਖਦੇ ਮੁੱਦਿਆਂ ਵੱਲ ਦਿਵਾਇਆ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਭਾਜਪਾ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਦੀਆਂ ਸਰਾਵਾਂ ‘ਤੇ 12 ਫੀਸਦੀ ਜੀ ਐਸ ਟੀ ਲਗਾਉਣ ਦਾ ਫ਼ੈਸਲਾ ਰਿਹਾ | ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਸਰਾਵਾਂ ‘ਤੇ ਜੀਐਸਟੀ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ | ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਘੱਟ ਰਹੇ ਜ਼ਮੀਨੀ ਪਾਣੀ ਦੇ ਸੰਕਟ ਦੇ ਹੱਲ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਵੀ ਮੰਗ ਕੀਤੀ ਹੈ | ਪੰਜਾਬ ਅਤੇ ਕਿਸਾਨਾਂ ਨੂੰ ਬਚਾਉਣ ਲਈ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ | ਵਿੱਤ ਮੰਤਰੀ ਨੂੰ ਦਿੱਤੇ ਆਪਣੇ ਮੰਗ ਪੱਤਰ ‘ਚ ‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਾਵਾਂ ‘ਤੇ 12 ਫੀਸਦੀ ਜੀ.ਐੱਸ.ਟੀ. ਲਗਾਉਣ ਦੇ ਹਾਲੀਆ ਫੈਸਲੇ ਨਾਲ ਸਿੱਖ ਸੰਗਤਾਂ ਅਤੇ ਦੇਸ਼-ਵਿਦੇਸ਼ ਤੋਂ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ‘ਚ ਭਾਰੀ ਰੋਸ ਹੈ | ਇਸ ਲਈ ਸ਼ਰਧਾਲੂਆਂ ਲਈ ਸਰਾਵਾਂ, ਹੋਟਲ ਦੀ ਧਾਰਨਾਵਾਂ ਤੋਂ ਦੂਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ‘ਤੇ 12 ਪ੍ਰਤੀਸ਼ਤ ਜੀ ਐਸ ਟੀ ਲਗਾਉਣ ਦਾ ਫੈਸਲਾ ਸੰਗਤ ‘ਤੇ ਵਾਧੂ ਵਿੱਤੀ ਬੋਝ ਹੈ | ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ | ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਭਾਰੀ ਗਿਰਾਵਟ ਦਾ ਇੱਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਰਾਘਵ ਚੱਢਾ ਨੇ ਮੰਗ ਕੀਤੀ ਕਿ ਪੰਜਾਬ ਨੂੰ ਤੁਰੰਤ ਵਿੱਤੀ ਪੈਕੇਜ ਜਾਰੀ ਕੀਤਾ ਜਾਵੇ ਅਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀਬਾੜੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਵਾਧੂ ਜਲ ਸਾਧਨ ਮੁਹੱਈਆ ਕਰਵਾਏ ਜਾਣ |