ਘਰੇਲੂ ਸ਼੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ

0
355

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਸ਼੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜੇ ਬਿਜਲੀ ਬਿੱਲ ਮੁਆਫ ਕਰ ਦਿੱਤੇ ਹਨ | ਇਸ ਸੰਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ |
ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਦੱਸਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰ, ਜਿਨ੍ਹਾਂ ਵੱਲੋਂ 30 ਜੂਨ, 2022 ਤੱਕ, 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਗਈ, ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਨ੍ਹਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ, ਬਿਨੈਕਾਰ ਦੀ ਬੇਨਤੀ ‘ਤੇ ਪੀ ਐੱਸ ਪੀ ਸੀ ਐੱਲ ਵੱਲੋਂ ਦੁਬਾਰਾ ਜੋੜ ਦਿੱਤੇ ਜਾਣਗੇ | ਉਨ੍ਹਾ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਬਿਜਲੀ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣੇ ਹਨ, ਦੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਪੀ ਐੱਸ ਪੀ ਸੀ ਐੱਲ ਨੂੰ ਕੀਤੀ ਜਾਵੇਗੀ |
ਹੋਰ ਸਾਰੇ ਖਪਤਕਾਰ ਜਿਵੇਂ ਸਰਕਾਰੀ ਹਸਪਤਾਲ / ਸਰਕਾਰੀ ਡਿਸਪੈਂਸਰੀਆਂ, ਧਾਰਮਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ਆਦਿ ਇਸ ਮੁਆਫੀ ਸਕੀਮ ਦੇ ਘੇਰੇ ਵਿੱਚ ਨਹੀਂ ਆਉਣਗੇ |
ਉਹਨਾ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇ ਰਹੀ ਹੈ | ਉਨ੍ਹਾ ਦੱਸਿਆ ਕਿ ਸੂਬਾ ਸਰਕਾਰ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਅਤੇ ਲੋਕ ਹਿੱਤ ‘ਚ ਕੰਮ ਕਰਦੀ ਰਹੇਗੀ |

LEAVE A REPLY

Please enter your comment!
Please enter your name here