ਕੋਲਕਾਤਾ : ਕਲਕੱਤਾ ਹਾਈ ਕੋਰਟ ਨੇ ਆਰ ਜੀ ਕਾਰ ਮੈਡੀਕਲ ਕਾਲਜ ’ਚ ਜੂਨੀਅਰ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦੀ ਜਾਂਚ ਮੰਗਲਵਾਰ ਸੀ ਬੀ ਆਈ ਨੂੰ ਸੌਂਪਣ ਦੇ ਹੁਕਮ ਦਿੱਤੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਜੇ ਪੁਲਸ ਐਤਵਾਰ ਤੱਕ ਜਾਂਚ ਪੂਰੀ ਨਹੀਂ ਕਰਦੀ ਤਾਂ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪ ਦਿੱਤੀ ਜਾਵੇਗੀ।
ਹਾਲਾਂਕਿ ਪੀੜਤਾ ਦੇ ਮਾਤਾ-ਪਿਤਾ ਮਾਮਲੇ ਦੀ ਸੀ ਬੀ ਆਈ ਜਾਂਚ ਚਾਹੁੰਦੇ ਸਨ। ਸੋਮਵਾਰ ਜਦੋਂ ਮੁੱਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਨੂੰ ਮਿਲਣ ਆਈ ਸੀ ਤਾਂ ਉਨ੍ਹਾਂ ਇਹ ਮੰਗ ਕੀਤੀ ਸੀ। ਹਾਈ ਕੋਰਟ ਨੇ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਇਸ ਦੀ ਸੁਣਵਾਈ ਕੀਤੀ ਅਤੇ ਬੁੱਧਵਾਰ ਸਵੇਰ ਤੱਕ ਜਾਂਚ ਸੀ ਬੀ ਆਈ ਨੂੰ ਸੌਂਪਣ ਦਾ ਹੁਕਮ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ ਤਿੰਨ ਹਫਤਿਆਂ ਬਾਅਦ ਹੋਵੇਗੀ। ਸਾਰੀ ਜਾਂਚ ਹਾਈ ਕੋਰਟ ਦੀ ਨਿਗਰਾਨੀ ਹੇਠ ਹੋਵੇਗੀ।