ਨਵੀਂ ਦਿੱਲੀ : ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ ਏ ਪੀ ਏ) ਵਰਗੇ ਵਿਸ਼ੇਸ਼ ਕਾਨੂੰਨਾਂ ਦੇ ਤਹਿਤ ਅਪਰਾਧਾਂ ’ਤੇ ਜ਼ਮਾਨਤ ਦਾ ਨਿਯਮ ਲਾਗੂ ਹੁੰਦਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਸਖਤ ਦਹਿਸ਼ਤਗਰਦੀ ਵਿਰੋਧੀ ਕਾਨੂੰਨ (ਯੂ ਏ ਪੀ ਏ) ਤਹਿਤ ਮੁਲਜ਼ਮ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ। ਜਸਟਿਸ ਅਭੈ ਐੱਸ ਓਕਾ ਅਤੇ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਕਿਹਾ ਕਿ ਜੇ ਅਦਾਲਤਾਂ ਯੋਗ ਮਾਮਲਿਆਂ ’ਚ ਜ਼ਮਾਨਤ ਦੇਣ ਤੋਂ ਇਨਕਾਰ ਕਰਨਾ ਸ਼ੁਰੂ ਕਰ ਦਿੰਦੀਆਂ ਹਨ ਤਾਂ ਇਹ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੋਵੇਗੀ। ਇਹ ਫੈਸਲਾ ਜਲਾਲੂਦੀਨ ਖਾਨ ਨੂੰ ਜ਼ਮਾਨਤ ’ਤੇ ਰਿਹਾਅ ਕਰਦੇ ਹੋਏ ਆਇਆ ਹੈ। ਬੈਂਚ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾਇਸਤਗਾਸਾ ਪੱਖ ਦੇ ਦੋਸ਼ ਬਹੁਤ ਗੰਭੀਰ ਹੋ ਸਕਦੇ ਹਨ, ਪਰ ਇਹ ਅਦਾਲਤ ਦਾ ਫਰਜ਼ ਹੈ ਕਿ ਉਹ ਕਾਨੂੰਨ ਅਨੁਸਾਰ ਜ਼ਮਾਨਤ ਲਈ ਕੇਸ ’ਤੇ ਵਿਚਾਰ ਕਰੇ। ਜੇ ਅਦਾਲਤਾਂ ਢੁਕਵੇਂ ਕੇਸਾਂ ’ਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਲੱਗ ਜਾਣ ਤਾਂ ਇਹ ਆਰਟੀਕਲ 21 ਤਹਿਤ ਗਾਰੰਟੀਸ਼ੁਦਾ ਅਧਿਕਾਰਾਂ ਦੀ ਉਲੰਘਣਾ ਹੋਵੇਗੀ। ਮੁਲਜ਼ਮ ’ਤੇ ਦੋਸ਼ ਹੈ ਕਿ ਉਸ ਨੇ ਪਾਬੰਦੀਸ਼ੁਦਾ ਜਥੇਬੰਦੀ ਪਾਪੂਲਰ ਫਰੰਟ ਆਫ ਇੰਡੀਆ (ਪੀ ਐੱਫ ਆਈ) ਦੇ ਮੈਂਬਰਾਂ ਨੂੰ ਟਰੇਨਿੰਗ ਸੈਸ਼ਨਾਂ ਲਈ ਆਪਣੀ ਪ੍ਰਾਪਰਟੀ ਕਿਰਾਏ ’ਤੇ ਦਿੱਤੀ ਸੀ। ਜਲਾਲੂਦੀਨ ਨੇ ਪਟਨਾ ਹਾਈ ਕੋਰਟ ਵੱਲੋਂ ਜ਼ਮਾਨਤ ਤੋਂ ਨਾਂਹ ਕਰਨ ’ਤੇ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ।