ਚੰਡੀਗੜ੍ਹ (ਗੁਰਜੀਤ ਬਿੱਲਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੁੱਧਵਾਰ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਬਾਕੀ ਤਿੰਨ ਦਿਨਾ ਕੰਮਕਾਜ ਦਾ ਫੈਸਲਾ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
ਕੈਬਨਿਟ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਅੱੈਨ ਓ ਸੀ) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ।
ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ, ਕਿਉਕਿ ਗੈਰ-ਕਾਨੂੰਨੀ ਕਾਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਪ੍ਰਵਾਨਗੀ ਵਾਲੀਆਂ ਕਲੋਨੀਆਂ ਵੇਚ ਦਿੰਦੇ ਹਨ।
ਕੈਬਨਿਟ ਨੇ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ 2024 ਨੂੰ ਵੀ ਮਨਜ਼ੂਰੀ ਦੇ ਦਿੱਤੀ। ਬਿੱਲ ਦੇ ਕਾਨੂੰਨ ਬਣਨ ਮਗਰੋਂ ਪੰਜਾਬ ਵਿੱਚ ਇਮਾਰਤਾਂ ਦੇ ਮਾਲਕਾਂ ਤੇ ਕਾਬਜ਼ਧਾਰਕਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਕਿ ਉਨ੍ਹਾਂ ਨੂੰ ਸਾਲਾਨਾ ਫਾਇਰ ਸੇਫ਼ਟੀ ਸਰਟੀਫਿਕੇਟ ਲੈਣ ਦੀ ਥਾਂ ਹੁਣ ਤਿੰਨ ਸਾਲਾਂ ਮਗਰੋਂ ਸਰਟੀਫਿਕੇਟ ਲੈਣਾ ਪਵੇਗਾ।
ਕੈਬਨਿਟ ਨੇ ਸੱਤ ਗ੍ਰਾਮ ਨਿਆਲਿਆ ਪਾਂਤੜਾ (ਪਟਿਆਲਾ), ਤਪਾ (ਬਰਨਾਲਾ), ਬੱਸੀ ਪਠਾਣਾਂ (ਫਤਿਹਗੜ੍ਹ ਸਾਹਿਬ), ਡੇਰਾ ਬਾਬਾ ਨਾਨਕ (ਗੁਰਦਾਸਪੁਰ), ਧਾਰ ਕਲਾਂ (ਪਠਾਨਕੋਟ), ਰਾਏਕੋਟ (ਲੁਧਿਆਣਾ) ਅਤੇ ਚਮਕੌਰ ਸਾਹਿਬ (ਰੂਪਨਗਰ) ਲਈ 49 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਗ੍ਰਾਮ ਨਿਆਲਿਆ ਸਥਾਪਤ ਕਰਨ ਦਾ ਮੰਤਵ ਦੇਸ਼ ਦੇ ਹਰੇਕ ਨਾਗਰਿਕ ਦੀ ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣਾ ਹੈ। ਕੈਬਨਿਟ ਨੇ ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਵੀ ਘਟਾ ਦਿੱਤਾ।