ਮੀਟਿੰਗਾਂ ਤੈਅ ਕਰਕੇ ਮੁਲਤਵੀ ਕਰਨ ਦਾ ਲਾਇਆ ਦੋਸ਼
ਮੋਗਾ (ਇਕਬਾਲ ਸਿੰਘ ਖਹਿਰਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਰੋਸ ਵਜੋਂ 18 ਅਗਸਤ ਨੂੰ ਮਾਲਵਾ ਦੇ ਜ਼ਿਲਿ੍ਹਆਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਬਰਨਾਲਾ ਵਿਖੇ, ਮਾਝਾ ਤੇ ਦੁਆਬਾ ਦੇ ਜ਼ਿਲਿ੍ਹਆਂ ਵੱਲੋਂ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਰੋਸ ਰੈਲੀਆਂ ਕਰਨ ਦੇ ਐਕਸ਼ਨ ਪ੍ਰੋਗਰਾਮ ਉਲੀਕੇ ਗਏ ਹਨ | ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੂਬਾ ਕਾਰਜਕਾਰੀ ਚੇਅਰਮੈਨ ਅਵਤਾਰ ਸਿੰਘ ਗਗੜਾ, ਜਨਰਲ ਸਕੱਤਰ ਪ੍ਰੇਮ ਚਾਵਲਾ, ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪਿ੍ਤਪਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ ਤੇ ਕੁਲਵੰਤ ਸਿੰਘ ਚਾਨੀ, ਮੀਤ ਪ੍ਰਧਾਨ ਜਗਮੇਲ ਸਿੰਘ ਪੱਖੋਵਾਲ, ਸੂਬਾਈ ਆਗੂ ਬਲਰਾਜ ਸਿੰਘ ਭੰਗੂ, ਸਵਰਨ ਸਿੰਘ ਹਠੂਰ, ਨਸੀਬ ਸਿੰਘ ਜੜੋਤ, ਅੰਗਰੇਜ਼ ਸਿੰਘ, ਹਰਭਗਵਾਨ ਸ੍ਰੀ ਮੁਕਤਸਰ ਸਾਹਿਬ, ਸੱਤ ਪਾਲ ਸਿੰਘ ਸਹਿਗਲ, ਕਾਮਰੇਡ ਸੁੱਚਾ ਸਿੰਘ ਅਜਨਾਲਾ ਅਤੇ ਪੋਹਲਾ ਸਿੰਘ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਜਿਵੇਂ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿੰਗਾਈ ਭੱਤੇ ਦੀਆਂ 12 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ, ਮੁੱਖ ਮੰਤਰੀ ਮਾਨ ਵਾਰ ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਮੁਲਤਵੀ ਕਰ ਰਹੇ ਹਨ | ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 18 ਅਗਸਤ ਨੂੰ ਬਰਨਾਲਾ ਤੇ ਚੱਬੇਵਾਲ ਦੀਆਂ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਤਾਂ ਕਿ ਪੰਜਾਬ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਵਾਇਆ ਜਾ ਸਕੇ |




