ਬਾਬਾ ਬਕਾਲਾ ਸਾਹਿਬ/ਰਈਆ (ਜਸਪਾਲ ਸਿੰਘ ਗਿੱਲ/ਮਨਜੀਤ ਸਿੰਘ ਭੰਗੂ)
ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਪੰਥ ਦੇ ਨਾਂਅ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ।ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਂਅ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ।ਪੰਜਾਬ ਨੂੰ ਅਮਨ-ਕਾਨੂੰਨ ਦੀ ਵਿਵਸਥਾ ਦਾ ਪਾਠ ਪੜ੍ਹਾਉਣ ਵਾਲੀ ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਉਤੇ ਉਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਉਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਰਾਮਨੌਮੀ ਵਰਗੇ ਤਿਉਹਾਰਾਂ ਮੌਕੇ ਕਰਫਿਊ ਲਾਉਣੇ ਪੈਂਦੇ ਹਨ, ਜੋ ਉੱਥੋਂ ਦੀ ਬਦਤਰ ਅਮਨ-ਕਾਨੂੰਨ ਦੀ ਜਿਉਦੀ-ਜਾਗਦੀ ਮਿਸਾਲ ਹੈ। ਜਲੰਧਰ (ਪੱਛਮੀ) ਜ਼ਿਮਨੀ ਚੋਣ ਵਿੱਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਸਿਆਸੀ ਗੁੰਮਨਾਮੀ ਵਿੱਚ ਜਾਣ ਵਾਲੇ ਵਿਰੋਧੀ ਆਗੂਆਂ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਏਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ‘ਲਾਪਤਾ’ ਹੀ ਹੋ ਗਏ ਹਨ।ਰੱਖੜ ਪੁੰਨਿਆ ਮੌਕੇ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਮੁੱਖ ਮੰਤਰੀ ਨੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ।





