ਨਵੀਂ ਦਿੱਲੀ : ਸੀ ਬੀ ਆਈ ਨੇ ਸ਼ੁੱਕਰਵਾਰ ਦਿੱਲੀ ਦੀ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੇ ਕਥਿਤ ਆਬਕਾਰੀ ਘਪਲੇ ਨਾਲ ਸੰਬੰਧਤ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਹਾਸਲ ਕਰ ਲਈ ਹੈ। ਇਹ ਜਾਣਕਾਰੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੂੰ ਦਿੱਤੀ ਗਈ, ਜਿਸ ਨੇ ਕੇਸ ਦੀ ਸੁਣਵਾਈ 27 ਅਗਸਤ ਨੂੰ ਕਰਨੀ ਹੈ। ਇਸ ਮਾਮਲੇ ’ਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਨੂੰ ਖਤਮ ਹੋਣ ਜਾ ਰਹੀ ਹੈ। ਅਦਾਲਤ ਨੇ 12 ਅਗਸਤ ਨੂੰ ਸੀ ਬੀ ਆਈ ਨੂੰ ਇਸ ਮਾਮਲੇ ’ਚ ਕੇਜਰੀਵਾਲ ਅਤੇ ਪਾਠਕ ਖਿਲਾਫ ਮੁਕੱਦਮਾ ਚਲਾਉਣ ਲਈ ਲੋੜੀਂਦੀ ਮਨਜ਼ੂਰੀ ਲੈਣ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ।
ਇਸੇ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਸੀ ਬੀ ਆਈ ਵੱਲੋਂ ਕੀਤੀ ਗਿ੍ਰਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਸ਼ੁੱਕਰਵਾਰ 5 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਉੱਜਵਲ ਭੂਈਆਂ ਦੀ ਬੈਂਚ ਨੇ ਸੀ ਬੀ ਆਈ ਨੂੰ ਇਸ ਮਾਮਲੇ ’ਚ ਜਵਾਬੀ ਹਲਫਨਾਮਾ ਦਾਇਰ ਕਰਨ ਦੀ ਇਜਾਜ਼ਤ ਦਿੱਤੀ ਅਤੇ ਕੇਜਰੀਵਾਲ ਨੂੰ ਜਵਾਬ ਦਾਖਲ ਕਰਨ ਲਈ ਦੋ ਦਿਨਾਂ ਦਾ ਸਮਾਂ ਦਿੱਤਾ।




