ਮੁਹਾਲੀ (ਗੁਰਜੀਤ ਬਿੱਲਾ)-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ ਐੱਨ ਟੀ ਐੱਫ) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈੱਲਪ ਲਾਈਨ ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ।
ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕਰਨ ਅਤੇ ਹੈੱਲਪ ਲਾਈਨ ਦੀ ਸ਼ੁਰੂਆਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐੱਨ ਟੀ ਐੱਫ) ਵਜੋਂ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾ ਦੱਸਿਆ ਕਿ ਇਹ ਸੈੱਲ ਪੁਲਸ ਸਟੇਸ਼ਨ ਸੋਹਾਣਾ, ਸੈਕਟਰ-79 ਐੱਸ ਏ ਐੱਸ ਨਗਰ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਹੈੱਲਪ ਲਾਈਨ ਆਮ ਨਾਗਰਿਕਾਂ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਪ੍ਰਦਾਨ ਕਰੇਗੀ ਅਤੇ ਨਸ਼ਾ ਛੱਡਣ ਦੇ ਇਰਾਦੇ ਵਾਲੇ ਪੀੜਤਾਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਮਾਨ ਨੇ ਕਿਹਾ ਕਿ ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਹੀ ਨਹੀਂ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਹਨਾ ਕਿਹਾ ਕਿ ਏ ਐੱਨ ਟੀ ਐੱਫ ਦੀ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ ਨੂੰ 400 ਤੋਂ ਦੁੱਗਣਾ ਕਰ ਕੇ 861 ਕੀਤਾ ਜਾ ਰਿਹਾ ਹੈ ਅਤੇ ਪੁਲਸ ਵਿਭਾਗ ਲਈ ਆਉਣ ਵਾਲੀਆਂ 10,000 ਨਵੀਂਆਂ ਅਸਾਮੀਆਂ ਦੇ ਹਿੱਸੇ ਵਜੋਂ ਏ ਐੱਨ ਟੀ ਐੱਫ ਲਈ ਇਹ ਨਵੀਂਆਂ ਅਸਾਮੀਆਂ ਬਣਾਈਆਂ ਜਾਣਗੀਆਂ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2024-25 ਵਿੱਚ ਏ ਐੱਨ ਟੀ ਐੱਫ ਦੀ ਨਵੀਂ ਸਥਾਪਤ ਇੰਟੈਲੀਜੈਂਸ ਅਤੇ ਤਕਨੀਕੀ ਇਕਾਈ ਨੂੰ ਅਤਿ-ਆਧੁਨਿਕ ਏਜੰਸੀ ਵਜੋਂ ਵਿਕਸਤ ਕਰਨ ਲਈ ਹਾਈ-ਟੈੱਕ ਸਾਫਟਵੇਅਰ, ਹਾਰਡਵੇਅਰ ਦੀ ਖ਼ਰੀਦ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਮੁਹੱਈਆ ਕਰਵਾਏ ਹਨ। ਏ ਐੱਨ ਟੀ ਐੱਫ ਦੀ ਬਿਹਤਰੀ ਲਈ 14 ਨਵੀਂਆਂ ਮਹਿੰਦਰਾ ਸਕਾਰਪੀਓ ਗੱਡੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਏ ਐੱਨ ਟੀ ਐੱਫ ਨੂੰ ਮੋਹਾਲੀ ਵਿਖੇ ਆਪਣਾ ਸੁਤੰਤਰ ਹੈੱਡਕੁਆਰਟਰ ਸਥਾਪਤ ਕਰਨ ਲਈ ਇਕ ਏਕੜ ਦੀ ਵੱਖਰੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਸੂਬਾ ਸਰਕਾਰ ਦੀ ਇਨਫੋਰਸਮੈਂਟ-ਨਸ਼ਾ ਮੁਕਤੀ-ਰੋਕਥਾਮ (ਈ ਡੀ ਪੀ) ਰਣਨੀਤੀ ਨੂੰ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ ਅਡਿਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ (ਸੀ ਏ ਡੀ ਏ ਫੰਡ) ਵਿੱਚੋਂ 10 ਕਰੋੜ ਰੁਪਏ ਏ.ਐੱਨ ਟੀ ਐੱਫ ਲਈ ਮਨਜ਼ੂਰ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਈ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਐੱਫ ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ 379 ਨਸ਼ਾ ਤਸਕਰਾਂ ਦੀਆਂ 173 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।
ਉਹਨਾ ਕਿਹਾ ਕਿ ਕੇਂਦਰ ਸਰਕਾਰ ਅਤੇ ਐੱਨ ਐੱਚ ਏ ਆਈ ਨੂੰ ਪੰਜਾਬ ਦੀ ਉਪਜਾਊ ਜ਼ਮੀਨ ਦੀ ਦੂਜੇ ਰਾਜਾਂ ਨਾਲ ਤੁਲਨਾ ਬੰਦ ਕਰਨੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ, ਪਰ ਮਾਮਲਾ ਸਿਰਫ਼ ਜ਼ਮੀਨ ਦੇ ਢੁਕਵੇਂ ਭਾਅ ਦਾ ਹੈ। ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਜ਼ਮੀਨੀ ਹਕੀਕਤ ਤੋਂ ਪਹਿਲਾਂ ਹੀ ਜਾਣੂ ਕਰਵਾ ਚੁੱਕੇ ਹਨ ਅਤੇ ਸੂਬੇ ਵਿੱਚ ਜ਼ਮੀਨ ਪ੍ਰਾਪਤੀ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।





