ਹੁਸ਼ਿਆਰਪੁਰ, (ਬਲਵੀਰ ਸਿੰਘ ਸੈਣੀ)-ਕਾਂਗਰਸ ਵਿੱਚ ਪਰਤਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਹ ਡੇਢ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਦੀ ਉਹ ਪੰਜਾਬ ਅਤੇ ਪੰਜਾਬੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾ ਨੂੰ ਲੱਗਦਾ ਸੀ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਉਹ ਪੰਜਾਬ ਦੇ ਹਿੱਤਾਂ ਲਈ ਬਿਹਤਰ ਕੰਮ ਕਰ ਸਕਣਗੇ, ਪਰ ਉਨ੍ਹਾ ਦੀ ਸੋਚ ਗਲਤ ਨਿਕਲੀ, ਇਸ ਲਈ ਉਨ੍ਹਾ ਕਾਂਗਰਸ ’ਚ ਮੁੜ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਸਮਰਥਨ ਦਿੱਤਾ ਹੈ ਅਤੇ ਲੋਕਾਂ ਦੇ ਪਿਆਰ ਨੇ ਇਹ ਦਰਸਾ ਦਿੱਤਾ ਹੈ ਕਿ ਕਾਂਗਰਸ ਹੀ ਪੰਜਾਬ ਦੀ ਤਰੱਕੀ, ਸ਼ਾਂਤੀ ਸਥਾਪਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਉਹ ਕਾਂਗਰਸ ਵਿੱਚ ਰਹਿ ਕੇ ਪੰਜਾਬ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਕੰਮ ਕਰਨਗੇ। ਕਾਂਗਰਸ ਨੇ ਹਮੇਸ਼ਾ ਧਰਮ ਨਿਰਪੱਖਤਾ ਦਾ ਪ੍ਰਚਾਰ ਕੀਤਾ ਹੈ ਅਤੇ ਧਰਮ ਨਿਰਪੱਖ ਲੋਕਾਂ ਨੂੰ ਮਹੱਤਵ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਉਨ੍ਹਾ ਨੂੰ ਕਿਸੇ ਵੀ ਭਾਜਪਾ ਆਗੂ ਖਿਲਾਫ ਕੋਈ ਸ਼ਿਕਾਇਤ ਨਹੀਂ। ਉਨ੍ਹਾ ਕਿਹਾ ਕਿ ਰਾਹੁਲ ਗਾਂਧੀ ਭਾਰਤ ਦੇ ਸੰਵਿਧਾਨ ਅਨੁਸਾਰ ਪੰਜਾਬ ਨੂੰ ਉਸ ਦਾ ਬਣਦਾ ਹੱਕ ਦਿਵਾਉਣ ਲਈ ਸਖਤ ਮਿਹਨਤ ਕਰ ਰਹੇ ਹਨ ਅਤੇ ਉਨ੍ਹਾ ਦੀ ਅਗਵਾਈ ਹੇਠ ਉਹ ਵੀ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨਗੇ। ਉਹਨਾ ਸ਼ਹਿਰ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਸ਼ਹਿਰ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਉਨ੍ਹਾ ਦਾ ਸਾਥ ਦੇਣ।
ਵਰਨਣਯੋਗ ਹੈ ਕਿ ਅਰੋੜਾ ਨੂੰ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਨੇ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਹੈ।