ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸੰਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ।
ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈ ਕੋਰਟ ਵਿੱਚ ਭਰਤੀ ਸੰਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੌਖਲਿਆਂ ਨੂੰ ਦੂਰ ਕਰਨ ਲਈ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਕਰਵਾਈ ਗਈ, ਜਿਸ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।ਸਿੱਖਿਆ ਮੰਤਰੀ ਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸੰਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ ਨੂੰ ਹੈ।