ਰਾਜੋਆਣਾ ਦੀ ਸਜ਼ਾ ਮੁਆਫੀ ਦੀ ਪਟੀਸ਼ਨ ਵਾਪਸ ਲੈਣ ਲਈ ਸਿੱਖ ਪੰਥ ਤੋਂ ਰਾਇ ਮੰਗੀ

0
186

ਅੰਮਿ੍ਰਤਸਰ : ਪੰਜ ਸਿੰਘ ਸਾਹਿਬਾਨ ਦੀ ਬੈਠਕ ’ਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵਿਚਾਰਿਆ ਗਿਆ ਅਤੇ ਉਸ ਦੀ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਪਟੀਸ਼ਨ ਵਾਪਸ ਲੈਣ ਸੰਬੰਧੀ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਆਪੋ-ਆਪਣੀ ਰਾਏ ਸ੍ਰੀ ਅਕਾਲ ਤਖਤ ਵਿਖੇ ਭੇਜਣ ਲਈ ਆਖਿਆ ਗਿਆ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ ਰਾਸ਼ਟਰਪਤੀ ਕੋਲ ਦਾਇਰ ਪਟੀਸ਼ਨ ਵਾਪਸ ਲੈ ਲਈ ਜਾਵੇ, ਕਿਉਂਕਿ ਉਹ ਪਿਛਲੇ ਤਕਰੀਬਨ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ’ਚ ਹਨ ਅਤੇ ਪਿਛਲੇ ਲਗਭਗ 18 ਸਾਲ ਤੋਂ ਫਾਂਸੀ ਦੀ ਚੱਕੀ ’ਚ ਬੰਦ ਹਨ। ਪਿਛਲੇ ਲਗਭਗ 12 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ ਅਪੀਲ ਭਾਰਤ ਸਰਕਾਰ ਕੋਲ ਸੁਣਵਾਈ ਅਧੀਨ ਹੈ ਪਰ ਸਰਕਾਰ ਇਸ ਬਾਰੇ ਕੋਈ ਫੈਸਲਾ ਨਹੀਂ ਲੈ ਰਹੀ। ਇਸ ਮਾਮਲੇ ’ਚ ਯੋਗ ਆਦੇਸ਼ ਲੈਣ ਵਾਸਤੇ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਵਿਖੇ ਪੱਤਰ ਭੇਜਿਆ ਸੀ, ਜਿਸ ’ਤੇ ਵਿਚਾਰ ਕੀਤੀ ਗਈ ਹੈ।
ਇਸ ਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਹੈ ਕਿ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਜੋੜ ਮੇਲੇ ਗੁਰਮਤ ਤੋਂ ਸੇਧ ਲੈ ਕੇ ਅਤੇ ਭੈ-ਭਾਵਣੀ ’ਚ ਮਨਾਏ ਜਾਣ।
ਉਨ੍ਹਾ ਕਿਹਾ ਕਿ ਅਗਲੇ ਦਿਨਾਂ ’ਚ ਬਟਾਲਾ ਵਿਖੇ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਾਚ ਗਾਣੇ, ਹੁਲੜਬਾਜ਼ੀ, ਮਨਮਤੀ ਵਿਆਹਾਂ ਵਾਂਗ ਗੁਰਮਤ ਵਿਰੋਧੀ ਕਿਸੇ ਤਰ੍ਹਾਂ ਦੇ ਮਨਮਤੀ ਕਰਮ ਨਾ ਕੀਤੇ ਜਾਣ। ਉਨ੍ਹਾ ਕਿਹਾ ਕਿ ਅਜਿਹਾ ਰੁਝਾਨ ਪਹਿਲਾਂ ਸਾਹਮਣੇ ਆਇਆ ਹੈ, ਜੋ ਕਿ ਠੀਕ ਨਹੀਂ ਹੈ।

LEAVE A REPLY

Please enter your comment!
Please enter your name here