24 C
Jalandhar
Thursday, September 19, 2024
spot_img

ਭਗਵੰਤ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਰਹੇ। ਉਨ੍ਹਾਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪੋ-ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ ਕੀਤੀ ਤਾਂ ਜੋ ਪੰਜਾਬ ਅਮਨ, ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਬਣ ਕੇ ਉੱਭਰੇ। ਦੋਵਾਂ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਸੁਭਾਗਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਦੇ ਜੀਵਨ ਅਤੇ ਫਲਸਫੇ ਨੇ ਯੁੱਗਾਂ ਤੋਂ ਮਨੁੱਖਤਾ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕੀਤਾ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੇ ਵੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਆਪਣਾ ਫ਼ਰਜ਼ ਬਾਖੂਬੀ ਨਿਭਾਉਣ ਲਈ ਉਨ੍ਹਾਂ ਨੂੰ ਬਲ ਬਖਸ਼ਣ।ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਨਵੇਂ ਰਾਜਪਾਲ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਨੂੰ ਉਨ੍ਹਾਂ ਦੇ ਵਿਆਪਕ ਪ੍ਰਸ਼ਾਸਕੀ ਤਜਰਬੇ ਤੋਂ ਬਹੁਤ ਲਾਭ ਮਿਲੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੋਵੇਂ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇ।

Related Articles

LEAVE A REPLY

Please enter your comment!
Please enter your name here

Latest Articles