27.2 C
Jalandhar
Thursday, September 19, 2024
spot_img

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਬੁੱਧਵਾਰ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸੰਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਜਾਇਬ ਸਿੰਘ ਅਭਿਆਸੀ, ਮਨਜੀਤ ਸਿੰਘ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ ਐੱਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਮੈਨੇਜਰ ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਪਹਿਲੇ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

Related Articles

LEAVE A REPLY

Please enter your comment!
Please enter your name here

Latest Articles