ਹੁਸ਼ਿਆਰਪੁਰ (ਬਲਬੀਰ ਸਿੰਘ ਸੈਣੀ)-ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।
ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸੰਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਤ ਹੋ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।ਉਨ੍ਹਾ ਕਿਹਾ ਕਿ ਇੱਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ।
ਉਹਨਾ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਦੇ ਹਨ। ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਤ ਵੀ ਕੀਤਾ।