ਅੱਜ ਤੋਂ ਸਵੇਰੇ ਤਿੰਨ ਘੰਟੇ ਬੰਦ ਰਹਿਣਗੀਆਂ ਓ ਪੀ ਡੀ ਸੇਵਾਵਾਂ

0
136

ਮੋਹਾਲੀ (ਗੁਰਜੀਤ ਬਿੱਲਾ)
ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਵਿੱਚ ਥੋੜ੍ਹੀ ਤਬਦੀਲੀ ਕਰਦਿਆਂ ਸੋਮਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪਹਿਲਾਂ ਉਹਨਾਂ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ’ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਨਿਟ ਦੀ ਸਬ ਕਮੇਟੀ ਦੇ ਤੌਰ ’ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜ੍ਹਾ ਘਟਾਇਆ ਹੈ। ਇਸ ਤੋਂ ਇਲਾਵਾ ਕੋਈ ਚੋਣਵੇਂ ਆਪਰੇਸ਼ਨ ਨਹੀਂ ਹੋਣਗੇ। ਜਥੇਬੰਦੀ ਮੁਤਾਬਕ ਕੋਈ ਵੀ ਆਮ ਮੈਡੀਕਲ ਮੁਆਇਨੇ ਨਹੀਂ ਹੋਣਗੇ ਜਿਵੇਂ ਭਰਤੀ ਨਾਲ ਸੰਬੰਧਤ ਮੁਆਇਨੇ, ਡਰਾਈਵਿੰਗ ਲਾਇਸੰਸ ਵਾਸਤੇ ਤੇ ਹਥਿਆਰਾਂ ਦੇ ਲਾਇਸੰਸ ਲਈ ਮੈਡੀਕਲ ਮੁਆਇਨੇ। ਕੋਈ ਵੀ ਡੋਪ ਟੈਸਟ ਨਹੀਂ ਹੋਵੇਗਾ ਤੇ ਨਾ ਹੀ ਵੀ ਆਈ ਪੀ ਡਿਊਟੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੇਂਗੂ ਨੂੰ ਛੱਡ ਕੇ ਕੋਈ ਰਿਪੋਰਟਾਂ ਨਹੀਂ ਭੇਜੀਆਂ ਜਾਣਗੀਆਂ। ਡਾਕਟਰਾਂ ਮੁਤਾਬਕ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਉਹਨਾਂ ਕਿਹਾ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਾਂ, ਪਰ ਹਾਲੇ ਵੀ ਕਿਉਂਕਿ ਸਰਕਾਰ ਦੀ ਤਰਫੋਂ ਸਿਹਤ ਮੰਤਰੀ ਦੁਆਰਾ ਦਿੱਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜ਼ਮੀਨੀ ਪੱਧਰ ’ਤੇ ਨਹੀਂ ਪਹੁੰਚੇ, ਨਾ ਹੀ ਸਰਕਾਰ ਵਾਰ-ਵਾਰ ਮੀਟਿੰਗਾਂ ਵਿੱਚ ਸਮਾਂਬੱਧ ਤਰੱਕੀਆਂ ਸੰਬੰਧੀ ਕੋਈ ਨੋਟੀਫਿਕੇਸ਼ਨ ਲੈ ਕੇ ਆਈ ਹੈ। ਜੇ ਇਸ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਢਿੱਲਾ ਰਵੱਈਆ ਬਣਾਈ ਰੱਖਿਆ ਤਾਂ ਉਹਨਾਂ ਦੀ ਕਿਸੇ ਵੀ ਗੱਲ ’ਤੇ ਭਰੋਸਾ ਕਰਨਾ ਮੁਸ਼ਕਲ ਹੋ ਜਾਵੇਗਾ। ਇਹ ਅੰਦੋਲਨ ਆਪਣੀਆਂ ਜਾਇਜ਼ ਪ੍ਰਮੁੱਖ ਮੰਗਾਂ ਮਨਾਉਣ ਤੋਂ ਬਿਨਾਂ ਨਹੀਂ ਰੁਕੇਗਾ। ਐਸੋਸੀਏਸ਼ਨ ਦੇ ਮੁਖੀ ਨੇ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਤਰੱਕੀਆਂ ਰੋਕ ਕੇ ਸਰਕਾਰ ਕੀ ਸਰਕਾਰੀ ਹਸਪਤਾਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਕਿਉਂਕਿ ਇਸ ਤਰ੍ਹਾਂ ਚੰਗੇ ਤੇ ਮਾਹਿਰ ਡਾਕਟਰ ਸਰਕਾਰੀ ਹਸਪਤਾਲ ਛੱਡ ਜਾਣਗੇ। ਨਾਲ ਦੇ ਸੂਬੇ ਦਿੱਲੀ ਤੇ ਹਰਿਆਣਾ ਵੀ ਵਿੱਤ ਕਮਿਸ਼ਨ ਦੀਆਂ ਇਕੋ ਜਿਹੀਆਂ ਹਦਾਇਤਾਂ ਦੇ ਬਾਵਜੂਦ ਏ.ਸੀ.ਪੀ ਦੇ ਰਹੀਆਂ ਹਨ, ਕੀ ਪੰਜਾਬ ਦੇ ਡਾਕਟਰ ਪੰਜਾਬ ਵਿੱਚੋਂ ਕੰਮ ਛੱਡ ਕੇ ਨਾਲ ਦੇ ਰਾਜ ਵਿੱਚ ਚਲੇ ਜਾਣ? ਪੰਜਾਬ ਸਰਕਾਰ ਦੇ ਹੀ ਦੂਜੇ ਵਿਭਾਗ ਮੈਡੀਕਲ ਸਿੱਖਿਆ ਤੇ ਖੋਜ ਵਿੱਚ ਸਾਡੇ ਹੀ ਡਾਕਟਰਾਂ ਨੂੰ 4 ਅਤੇ 7 ਸਾਲ ਤੇ ਤਰੱਕੀ ਦਿੱਤੀ ਜਾ ਰਹੀ, ਫਿਰ ਸਭ ਤੋਂ ਜ਼ਰੂਰੀ ਸਿਹਤ ਵਿਭਾਗ ਦੀ ਤਰੱਕੀ ’ਤੇ ਗ੍ਰਹਿਣ ਕਿਉਂ ਲਾਇਆ ਜਾ ਰਿਹਾ?
ਜਥੇਬੰਦੀ ਨੇ ਸਾਫ ਕੀਤਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ, ਤੇ ਤਰੱਕੀਆਂ ਸੰਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।

LEAVE A REPLY

Please enter your comment!
Please enter your name here