ਸੰਗਰੂਰ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਆਂ ਤੋਂ ਪੁੱਜੇ ਹਜ਼ਾਰਾਂ ਅਧਿਆਪਕਾਂ ਨੇ ਇਥੇ ਡੀ ਸੀ ਦਫ਼ਤਰ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕੀਤੀ | ਇਸ ਮਗਰੋਂ ਦਿੱਲੀ-ਲੁਧਿਆਣਾ ਹਾਈਵੇ ‘ਤੇ ਸਥਿਤ ਭਗਵਾਨ ਮਹਾਂਵੀਰ ਚੌਕ ਤੱਕ ਰੋਸ ਮਾਰਚ ਕਰਦਿਆਂ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ |
ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਮੀਤ ਪ੍ਰਧਾਨ ਕਰਨੈਲ ਸਿੰਘ ਚਿੱਟੀ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਸਹਾਇਕ ਸਕੱਤਰ ਗੁਰਮੀਤ ਸਿੰਘ ਕੋਟ ਲੀਲ ਅਤੇ ਸੂਬਾਈ ਆਗੂ ਬਲਵੀਰ ਲੌਂਗੋਵਾਲ ਨੇ ਪੰਜਾਬ ਸਰਕਾਰ ਦੀ ਸਿੱਖਿਆ ਤੇ ਮੁਲਾਜ਼ਮ ਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਪਹਿਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਵਾਂਗ ਹੀ ਕਾਰਪੋਰੇਟੀ ਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਅੱਗੇ ਤੋਰ ਰਹੀ ਹੈ | ਆਗੂਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਦੇ ਅਧਿਆਪਕ ਵੱਡਾ ਸੰਘਰਸ਼ ਵਿੱਢਣਗੇ | ਰੈਲੀ ਮਗਰੋਂ ਜਦੋਂ ਅਧਿਆਪਕ ਹਾਈਵੇ ਉਪਰ ਆਵਾਜਾਈ ਠੱਪ ਕਰਨ ਲਈ ਰੋਸ ਮਾਰਚ ਕਰਦਿਆਂ ਅੱਗੇ ਵਧ ਰਹੇ ਸਨ ਤਾਂ ਰਸਤੇ ‘ਚ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਨਾਲ ਜਥੇਬੰਦੀ ਦੀ 22 ਅਗਸਤ ਦੀ ਚੰਡੀਗੜ੍ਹ ਵਿਖੇ ਮੀਟਿੰਗ ਨਿਸਚਿਤ ਕਰਵਾ ਦਿੱਤੀ ਗਈ |





