ਡਾਕਟਰਾਂ ਵਿਰੁੱਧ ਹਿੰਸਾ ਰੋਕਣ ਲਈ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਹੋਵੇਗਾ

0
177

ਮੁਹਾਲੀ (ਗੁਰਜੀਤ ਬਿੱਲਾ)
ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਵਿਖੇ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਨਾਲ ਇਹਤਿਆਤੀ ਕਦਮ ਚੁੱਕੇ ਹਨ। ਇਸ ਬੋਰਡ ਦੀ ਅਗਵਾਈ ਡਿਪਟੀ ਕਮਿਸ਼ਨਰ ਚੇਅਰਪਰਸਨ ਵਜੋਂ ਕੀਤੀ ਜਾਵੇਗੀ, ਜਦੋਂ ਕਿ ਐੱਸ ਐੱਸ ਪੀ, ਸਿਵਲ ਸਰਜਨ, ਪਿ੍ਰੰਸੀਪਲ/ ਮੈਡੀਕਲ ਸੁਪਰਡੈਂਟ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ, ਆਈ ਐੱਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਸਥਾਨਕ ਪੱਧਰ ’ਤੇ ਬਣਾਈ ਜਾ ਰਹੀ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਾਲੀ ਹਸਪਤਾਲ ਸੁਰੱਖਿਆ ਅਤੇ ਹਿੰਸਾ ਰੋਕਥਾਮ ਕਮੇਟੀ ਵੱਲੋਂ ਸੁਰੱਖਿਆ ਆਡਿਟ ਕੀਤਾ ਜਾਵੇਗਾ।
ਉਪ ਮੰਡਲ ਮੈਜਿਸਟ੍ਰੇਟਾਂ ਨੂੰ ਅਗਲੇ 10 ਦਿਨਾਂ ਤੱਕ ਸੁਰੱਖਿਆ ਆਡਿਟ ਮੁਕੰਮਲ ਕਰਨ ਲਈ ਇਨ੍ਹਾਂ ਸਾਰੀਆਂ ਸਿਹਤ ਸਹੂਲਤਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਲਈ ਕਿਹਾ ਗਿਆ ਹੈ।
ਇਸੇ ਤਰ੍ਹਾਂ ਇਨ੍ਹਾਂ ਸਿਹਤ ਸਹੂਲਤਾਂ ’ਤੇ ਪਹਿਲਾਂ ਤੋਂ ਹੀ ਲਗਾਏ ਗਏ ਸਾਰੇ ਸੀ ਸੀ ਟੀ ਵੀ ਕੈਮਰੇ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਵਾਧੂ ਲਾਈਟਾਂ ਦਾ ਪ੍ਰਬੰਧ ਕਰਕੇ ਹਨੇਰੇ ਕੋਨਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਇਹ ਫੈਸਲਾ ਕੀਤਾ ਗਿਆ ਕਿ ਜ਼ਿਆਦਾ ਚੱਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਆਈ ਪੀ ਡੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਸਿੰਗਲ ਪਾਸ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸਿਰਫ ਇੱਕ ਵਿਅਕਤੀ ਨੂੰ ਆਈ ਪੀ ਡੀ ਖੇਤਰ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ ਅਤੇ ਬਾਕੀ ਸੇਵਾਦਾਰ ਆਈ ਪੀ ਡੀ ਖੇਤਰ ਦੇ ਬਾਹਰ ਉਡੀਕ ਕਰ ਸਕਦੇ ਹਨ।
ਐੱਸ ਐੱਸ ਪੀ ਦੀਪਕ ਪਾਰਿਕ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਨੇ ਪਿਛਲੇ ਦਿਨਾਂ ਵਿੱਚ ਨਿੱਜੀ ਸਿਹਤ ਸੰਸਥਾਵਾਂ ਦੀ ਚੈਕਿੰਗ ਕੀਤੀ ਸੀ ਅਤੇ ਡਾਕਟਰਾਂ ਅਤੇ ਹੋਰ ਪੈਰਾਮੈਡਿਕ ਸਟਾਫ ਦੀ ਸੁਰੱਖਿਆ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾ ਦੱਸਿਆ ਕਿ ਦਿਨ ਦੀ ਗਸ਼ਤ ਤੋਂ ਇਲਾਵਾ 10 ਅਹਿਮ ਥਾਵਾਂ ’ਤੇ ਰਾਤ ਦੀ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ।
ਮੀਟਿੰਗ ਵਿੱਚ ਏ ਡੀ ਸੀ (ਡੀ) ਸੋਨਮ ਚੌਧਰੀ, ਸਿਵਲ ਸਰਜਨ ਡਾ. ਰੇਣੂ ਸਿੰਘ, ਪਿ੍ਰੰਸੀਪਲ ਮੈਡੀਕਲ ਕਾਲਜ (ਏ ਆਈ ਐੱਮ ਐੱਸ ਮੁਹਾਲੀ) ਡਾ. ਭਵਨੀਤ ਭਾਰਤੀ, ਮੈਡੀਕਲ ਸੁਪਰਡੈਂਟ ਡਾ. ਨਵਦੀਪ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐੱਸ ਡੀ ਐੱਮਜ਼ ਤੇ ਐੱਸ ਐੱਮ ਓਜ਼ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here