ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਅਚਾਨਕ ਜੂਨੀਅਰ ਡਾਕਟਰਾਂ ਦੇ ਧਰਨਾ ਸਥਾਨ ’ਤੇ ਪੁੱਜੀ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕਰਨ ਤੇ ਦੋਸ਼ੀ ਪਾਏ ਜਾਣ ਵਾਲੇ ਹਰ ਵਿਅਕਤੀ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ। ਸਾਲਟ ਲੇਕ ’ਚ ਸਵਾਸਥ ਭਵਨ ਦੇ ਬਾਹਰ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਕਿਹਾ ਕਿ ਡਾਕਟਰ ਬਾਰਿਸ਼ ’ਚ ਸੜਕ ’ਤੇ ਧਰਨਾ ਦੇ ਰਹੇ ਹਨ, ਜਿਸ ਕਾਰਨ ਉਨ੍ਹਾ ਦੀ ਰਾਤਾਂ ਦੀ ਨੀਂਦ ਉੱਡੀ ਹੋਈ ਹੈ। ਉਨ੍ਹਾ ਕਿਹਾਮੈਂ ਤੁਹਾਨੂੰ ਮੁੱਖ ਮੰਤਰੀ ਵਜੋਂ ਨਹੀਂ, ਬਲਕਿ ਤੁਹਾਡੀ ਦੀਦੀ ਵਜੋਂ ਮਿਲਣ ਆਈ ਹਾਂ। ਮੈਂ ਤੁਹਾਨੂੰ ਭਰੋਸਾ ਦਿੰਦੀ ਹਾਂ ਕਿ ਤੁਹਾਡੀਆਂ ਮੰਗਾਂ ’ਤੇ ਗੌਰ ਕਰਾਂਗੀ ਅਤੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕਰਾਂਗੀ। ਉਨ੍ਹਾ ਧਰਨੇ ’ਤੇ ਬੈਠੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਦੀ ਅਪੀਲ ਕੀਤੀ। ਬੈਨਰਜੀ ਨੇ ਇਹ ਐਲਾਨ ਵੀ ਕੀਤਾ ਕਿ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਮਰੀਜ਼ ਭਲਾਈ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਗਿਆ ਹੈ। ਬੈਨਰਜੀ ਨੇ ਕਿਹਾਸੰਕਟ ਨੂੰ ਸੁਲਝਾਉਣ ਦੀ ਇਹ ਮੇਰੀ ਆਖਰੀ ਕੋਸ਼ਿਸ਼ ਹੈ। ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਉਹ ਗੱਲਬਾਤ ਹੋਣ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਸਮਝੌਤਾ ਕਰਨ ਨੂੰ ਤਿਆਰ ਨਹੀਂ ਹਨ। ਇਸੇ ਦੌਰਾਨ ਸੀ ਪੀ ਆਈ (ਐੱਮ) ਆਗੂ ਕਲਾਤਨ ਦਾਸਗੁਪਤਾ ਸਣੇ ਦੋ ਵਿਅਕਤੀਆਂ ਨੂੰ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਗਿਆ ਹੈ।
ਪੁਲਸ ਨੇ ਦੱਸਿਆ ਕਿ ਤਿ੍ਰਣਮੂਲ ਕਾਂਗਰਸ ਦੇ ਆਗੂ ਕੁਨਾਲ ਘੋਸ਼ ਨੇ ਇਕ ਫੋਨ ਕਾਲ ਦੀ ਆਡੀਓ ਕਲਿੱਪ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਦੋਹਾਂ ਨੂੰ ਗਿ੍ਰਫਤਾਰ ਕੀਤਾ ਗਿਆ। ਘੋਸ਼ ਨੇ ਦੋਸ਼ ਲਗਾਇਆ ਸੀ ਕਿ ਮਮਤਾ ਬੈਨਰਜੀ ਸਰਕਾਰ ਨੂੰ ਬਦਨਾਮ ਕਰਨ ਲਈ ਸਵਾਸਥ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਗਿ੍ਰਫਤਾਰ ਕੀਤੇ ਗਏ ਦੂਜੇ ਵਿਅਕਤੀ ਦੀ ਪਛਾਣ ਸੰਜੀਵ ਦਾਸ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਦਾਸ ਨੂੰ ਸ਼ੁੱਕਰਵਾਰ ਰਾਤ ਨੂੰ ਦੱਖਣੀ ਕੋਲਕਾਤਾ ਦੇ ਹਲਟੂ ਤੋਂ, ਜਦਕਿ ਦਾਸਗੁਪਤਾ ਨੂੰ ਸੈਕਟਰ-5 ਸਵਾਸਥ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਤੋਂ ਗਿ੍ਰਫਤਾਰ ਕੀਤਾ ਗਿਆ।