ਚੰਡੀਗੜ੍ਹ, (ਗੁਰਜੀਤ ਬਿੱਲਾ/ ਕਿ੍ਰਸ਼ਨ ਗਰਗ) -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸੰਬੰਧੀ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਨੂੰ ਦੁਹਰਾਇਆ।ਹਾਈ ਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ, ਪਰ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ, ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਇੱਕ ਸਹਾਇਕ ਪ੍ਰੋਫੈਸਰ ਡਾ. ਸੋਹੇਲ ਨੇ ਕਿਹਾ ਕਿ ਭਰਤੀ ਪ੍ਰਕਿਰਿਆ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕੀਤੀ ਹੈ। ਉਨ੍ਹਾ ਕਿਹਾ ਕਿ ਇਹ ਉਨ੍ਹਾ ਅਤੇ ਉਨ੍ਹਾ ਦੇ ਪਰਵਾਰਾਂ ਲਈ ਇਤਿਹਾਸਕ ਪਲ ਹੈ, ਕਿਉਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾ ਦੇ ਨਾਲ ਖੜ੍ਹੀ ਹੈ।