28.2 C
Jalandhar
Tuesday, October 8, 2024
spot_img

ਮੰਡੀਆਂ ’ਚ ਲੇਬਰ ਚਾਰਜ ’ਚ ਪ੍ਰਤੀ ਕੁਇੰਟਲ ਇੱਕ ਰੁਪਏ ਦਾ ਵਾਧਾ

ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।ਮੰਗਲਵਾਰ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ, ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਲਿਆਂਦੀ ਗਈ ਕਿਸਾਨਾਂ ਦੀ ਜਿਣਸ ਦੀ ਖਰੀਦ ਅਤੇ ਲਿਫਟਿੰਗ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚੜ੍ਹਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਨੂੰ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼-ਸੁਥਰਾ ਰੱਖਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੀਜ਼ਨ ਦੇ ਸਿਖਰ ਦੌਰਾਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਨਾ ਲੱਗਣ। ਉਨ੍ਹਾ ਕਿਹਾ ਕਿ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾ ਕਿਹਾ ਕਿ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੁਹਿਰਦ ਹੈ। ਉਨ੍ਹਾ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੰਗਾਂ ਦੇ ਜਲਦੀ ਹੱਲ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟਿ੍ਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ ‘ਏ’ ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।ਉਨ੍ਹਾ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਉਨ੍ਹਾ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਉਨ੍ਹਾ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ’ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Related Articles

LEAVE A REPLY

Please enter your comment!
Please enter your name here

Latest Articles