25.4 C
Jalandhar
Friday, October 18, 2024
spot_img

ਪਰਾਲੀ ਨੂੰ ਸੜਨੋਂ ਨਾ ਰੋਕਣ ’ਤੇ ਸੁਪਰੀਮ ਕੋਰਟ ਗਰਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ’ਚ ਅਸਫਲ ਰਹਿਣ ’ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ ਏ ਕਿਊ ਐੱਮ) ਦੀ ਵੀਰਵਾਰ ਮੁੜ ਝਾੜਝੰਬ ਕੀਤੀ। ਉਸ ਨੇ ਕਿਹਾ ਕਿ ਕਮਿਸ਼ਨ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਸ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਜਸਟਿਸ ਅਭੈ ਐੱਸ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਕਿਹਾ ਕਿ ਕਮਿਸ਼ਨ ਨੇ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਖਿਲਾਫ ਇੱਕ ਵੀ ਕੇਸ ਦਰਜ ਨਹੀਂ ਕੀਤਾ, ਜਦਕਿ ਵਿਭਾਗ ਨੇ ਕਿਹਾ ਕਿ ਇਸ ਮਾਮਲੇ ’ਤੇ 29 ਅਗਸਤ ਨੂੰ ਹੀ ਮੀਟਿੰਗ ਹੋਈ ਸੀ। ਕੋਰਟ ਨੇ ਨੋਟ ਕੀਤਾ ਕਿ ਮੀਟਿੰਗ ’ਚ 11 ਵਿੱਚੋਂ ਸਿਰਫ ਪੰਜ ਮੈਂਬਰ ਹਾਜ਼ਰ ਸਨ, ਜਿੱਥੇ ਇਸ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਵੀ ਚਰਚਾ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵਾਂ ਰਾਜਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਮੁਆਵਜ਼ਾ ਹੀ ਵਸੂਲਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਕਮਿਸ਼ਨ ਨੂੰ ਇਸ ਮਾਮਲੇ ’ਤੇ ਇਕ ਹਫਤੇ ਦੇ ਅੰਦਰ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੰਦਿਆਂ ਅਗਲੀ ਸੁਣਵਾਈ 16 ਅਕਤੂਬਰ ’ਤੇ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਕੋਰਟ ਨੂੰ ਦੱਸਿਆ ਕਿ ਉਸ ਨੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਤ ਕੀਤਾ ਜਾਵੇਗਾ। ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਬ ਦੇ ਅੰਮਿ੍ਰਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨ ਤਾਰਨ ਵਿਚ ਕੇਂਦਰੀ ਟੀਮਾਂ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ।

Related Articles

LEAVE A REPLY

Please enter your comment!
Please enter your name here

Latest Articles