25.3 C
Jalandhar
Thursday, October 17, 2024
spot_img

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਬਹੁਤ ਲੋੜ : ਧਾਮੀ

ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਆਫੀ ਮੰਗੀ ਹੈ। ਬੁੱਧਵਾਰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ’ਤੇ ਗੰਭੀਰ ਦੋਸ਼ ਲਾਉਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ ਅਤੇ ਜੇ ਉਨ੍ਹਾ ਅਸਤੀਫਾ ਪ੍ਰਵਾਨ ਕੀਤਾ ਤਾਂ ਬਾਕੀ ਸਿੰਘ ਸਾਹਿਬਾਨ ਵੀ ਅਸਤੀਫੇ ਦੇ ਦੇਣਗੇ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਹੈ ਕਿ ਸਮੁੱਚਾ ਅਕਾਲੀ ਦਲ ਸ੍ਰੀ ਅਕਾਲ ਤਖਤ ਨੂੰ ਸਮਰਪਤ ਹੈ। ਜੇ ਕੋਈ ਵੀ ਅਕਾਲੀ ਆਗੂ ਜਥੇਦਾਰ ਸਾਹਿਬਾਨ ਤੇ ਅਕਾਲ ਤਖਤ ਦੀ ਮਰਿਆਦਾ ਬਾਰੇ ਕੋਈ ਟਿੱਪਣੀ ਕਰਦਾ ਹੈ ਤਾਂ ਉਸ ਦੇ ਖਿਲਾਫ ਪਾਰਟੀ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਸਮੁੱਚੇ ਅਕਾਲੀ ਦਲ ਵੱਲੋਂ ਅਤੇ ਪਾਰਟੀ ਛੱਡ ਚੁੱਕੇ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਆਗੂਆਂ ਨੇ ਦੱਸਿਆ ਕਿ ਜਥੇਦਾਰ ਕੋਲ ਅਕਾਲੀ ਦਲ ਨਾਲ ਸੰਬੰਧਤ ਮਾਮਲੇ ਵੀ ਰੱਖੇ ਹਨ, ਜਿਸ ’ਚ ਸੁਖਬੀਰ ਸਿੰਘ ਬਾਦਲ ਖਿਲਾਫ ਸ੍ਰੀ ਅਕਾਲ ਤਖਤ ਵੱਲੋਂ ਜਲਦੀ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾ ਦੋਸ਼ ਲਾਇਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ਾਂ ਘੜ ਰਹੀਆਂ ਹਨ ਅਤੇ ਪਾਰਟੀ ਦੀ ਮਾਨਤਾ ਰੱਦ ਕਰਾਉਣਾ ਚਾਹੁੰਦੀਆਂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਤਖਤਾਂ ਦੇ ਜਥੇਦਾਰਾਂ ਦੇ ਨਾਲ ਹੈ ਅਤੇ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕਰਦੀ ਹੈ ਅਤੇ ਹਰ ਆਦੇਸ਼ ਦੀ ਵੀ ਪਾਲਣਾ ਕਰਦੀ ਹੈ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ।

Related Articles

Latest Articles