16.2 C
Jalandhar
Monday, December 23, 2024
spot_img

ਡੇਰਾ ਮੁਖੀ ਖਿਲਾਫ ਬੇਅਦਬੀ ਦੇ ਕੇਸ ਚਲਾਉਣ ਦਾ ਰਾਹ ਪੱਧਰਾ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸੰਬੰਧਤ ਕੇਸਾਂ ਵਿਚ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ। ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੀ ਡਵੀਜਨ ਬੈਂਚ ਨੇ ਇਸ ਕਾਰਵਾਈ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਾਈ ਗਈ ਰੋਕ ਨੂੰ ਹਟਾ ਦਿੱਤਾ ਹੈ। ਬੈਂਚ ਨੇ ਨਾਲ ਹੀ ਡੇਰਾ ਮੁਖੀ ਨੂੰ ਹਦਾਇਤ ਦਿੱਤੀ ਹੈ ਕਿ ਉਹ ਇਸ ਮਾਮਲੇ ਵਿਚ ਆਪਣਾ ਜਵਾਬ ਦਾਖਲ ਕਰੇ। ਅਦਾਲਤ ਨੇ ਇਹ ਹੁਕਮ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫਤਿਆਂ ਬਾਅਦ ਹੋਵੇਗੀ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਡੇਰਾ ਮੁਖੀ ਖਿਲਾਫ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਥਾਣੇ ਵਿਚ ਦਰਜ ਕੀਤੇ ਗਏ ਤਿੰਨ ਕੇਸਾਂ ਦੀ ਕਾਰਵਾਈ ਉਤੇ ਹਾਈ ਕੋਰਟ ਵੱਲੋਂ ਜਾਰੀ ਸਟੇਅ ਆਰਡਰ ਉਤੇ ਰੋਕ ਲਾਈ ਜਾਵੇ। ਸੁਪਰੀਮ ਕੋਰਟ ਨੇ ਇਸ ਗੱਲ ਉਤੇ ਗੌਰ ਕਰਦਿਆਂ ਕਿ ਮਾਮਲਾ ਅਦਾਲਤੀ ਨਿਰਖ-ਪਰਖ ਦੀ ਮੰਗ ਕਰਦਾ ਹੈ, ਇਸ ਸੰਬੰਧੀ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਦਿੱਤਾ। ਸੁਪਰੀਮ ਕੋਰਟ ਨੇ ਫਰਵਰੀ 2023 ਵਿਚ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਖਿਲਾਫ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਫਰੀਦਕੋਟ ਤੋਂ ਬਦਲ ਕੇ ਚੰਡੀਗੜ੍ਹ ਦੀ ਅਦਾਲਤ ਵਿਚ ਕੀਤੇ ਜਾਣ ਦੇ ਹੁਕਮ ਦਿੱਤੇ ਸਨ।

Related Articles

Latest Articles