ਨੰਗਲ/ਭਲਾਣ (ਸੁਰਜੀਤ ਢੇਰ, ਹਰਭਜਨ ਢਿੱਲੋਂ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਮੰਗਲਵਾਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ ਟੀ ਐੱਮ) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।
ਇੱਥੇ ਮੈਗਾ ਪੀ.ਟੀ.ਐੱਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਤਿਹਾਸਕ ਦਿਹਾੜਾ ਹੈ, ਕਿਉ ਜੋ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਪੀ.ਟੀ.ਐੱਮ. ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ 27 ਲੱਖ ਮਾਪੇ ਅੱਜ ਸਕੂਲਾਂ ਵਿੱਚ ਜਾ ਕੇ ਪੜ੍ਹਾਈ, ਮਾਹੌਲ, ਗਤੀਵਿਧੀਆਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਇਸ ਉਪਰਾਲੇ ਨਾਲ ਅਧਿਆਪਕਾਂ ਨੂੰ ਮਾਪਿਆਂ ਕੋਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਦਾ ਢੁਕਵਾਂ ਮੌਕਾ ਹਾਸਲ ਹੁੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀ.ਟੀ.ਐੱਮ. ਕਰਵਾਉਣ ਦਾ ਫੈਸਲਾ ਮਿਸਾਲੀ ਕਦਮ ਹੈ, ਕਿਉਕਿ ਇਸ ਤੋਂ ਪਹਿਲਾਂ ਅਜਿਹੀਆਂ ਪੀ.ਟੀ.ਐੱਮਜ਼ ਸਿਰਫ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ, ਜਦਕਿ ਸਰਕਾਰੀ ਸਕੂਲ ਅਜਿਹੇ ਅਹਿਮ ਮੌਕਿਆਂ ਤੋਂ ਮਹਿਰੂਮ ਰਹਿ ਜਾਂਦੇ ਸਨ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਲਈ ਇਹ ਕਦਮ ਸਿੱਖਿਆ ਦੇ ਬਿਹਤਰੀਨ ਅਮਲਾਂ ਵਿੱਚੋਂ ਇਕ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਮਰੱਥਾ ਅਤੇ ਕਾਬਲੀਅਤ ’ਤੇ ਭਰੋਸਾ ਹੋਣਾ ਚਾਹੀਦਾ ਹੈ, ਕਿਉਕਿ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵਿਸ਼ੇਸ਼ ਵਿਸ਼ੇ ਨੂੰ ਅਪਣਾਉਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਨੂੰ ਆਪਣੀ ਮਰਜ਼ੀ ਅਨੁਸਾਰ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਤਰਜੀਹਾਂ ਹਨ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸਿੱਖਿਆ ਸਕੱਤਰ ਕੇ.ਕੇ. ਯਾਦਵ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।