16.8 C
Jalandhar
Sunday, December 22, 2024
spot_img

ਪੰਜਾਬ ਨੂੰ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)
ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ।
ਐੱਮ ਐੱਸ ਐੱਮ ਈਜ਼ ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ ਵਿਕਾਸ ਦੇ ਧੁਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੂੰ ਵੀ ਪਹਾੜੀ ਰਾਜਾਂ ਦੇ ਬਰਾਬਰ ਸਬਸਿਡੀਆਂ ਅਤੇ ਰਿਆਇਤਾਂ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਪਹਾੜੀ ਰਾਜਾਂ ਦੀ ਤਰਜ਼ ’ਤੇ ਕਾਰੋਬਾਰੀ ਸੌਖ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ, ਕਿਉਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਕਾਰਨ ਸੂਬਾ ਉਦਯੋਗਿਕ ਵਿਕਾਸ ਵਿੱਚ ਪਛੜ ਗਿਆ ਹੈ।
ਐੱਮ ਐੱਸ ਐੱਮ ਈਜ਼ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਐੱਮ ਐੱਸ ਐੱਮ ਈਜ਼ ਨੂੰ ਸੂਬੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਇੱਕਜੁੱਟ ਹੋ ਕੇ ਇੱਕ ਟੀਮ ਵਜੋਂ ਕੰਮ ਕਰਨਾ ਹੋਵੇਗਾ। ਉਨ੍ਹਾ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਵਿਸ਼ਵ ਪੱਧਰ ਦੇ ਪ੍ਰਤੀਯੋਗੀ ਬਣਨ ਅਤੇ ਵਿਸ਼ਵ ਭਰ ਵਿੱਚ ਚਮਕਣ ਲਈ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਲਾਭ ਉਠਾਉਣ। ਉਹਨਾ ਕਿਹਾ ਕਿ ਮਾਈਕਰੋ, ਲਘੂ ਅਤੇ ਦਰਮਿਆਨੇ ਉੱਦਮ (ਐੱਮ ਐੱਸ ਐੱਮ ਈਜ਼) ਆਰਥਿਕਤਾ ਦੇ ਵਾਧੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਦੇ ਹਨ, ਜੋ ਕੁੱਲ ਘਰੇਲੂ ਉਤਪਾਦ (ਜੀ ਡੀ ਪੀ), ਕੁੱਲ ਵੈਲੀਊ ਐਡਿਡ (ਜੀ ਵੀ ਏ), ਰੁਜ਼ਗਾਰ ਉਤਪਤੀ ਅਤੇ ਬਰਾਮਦ ਲਈ ਮਹੱਤਵਪੂਰਨ ਹਨ।ਮੁੱਖ ਮੰਤਰੀ ਨੇ ਕਿਹਾ ਕਿ ਐੱਮ ਐੱਸ ਐੱਮ ਈਜ਼ ਉਦਮਾਂ ਦੀ ਭਾਰਤੀ ਅਰਥਚਾਰੇ ਨੂੰ ਪ੍ਰਫੁੱਲਤ ਕਰਨ ਵਿੱਚ ਬਹੁਤ ਵੱਡੀ ਅਹਿਮੀਅਤ ਹੈ। ਪਿਛਲੇ ਸਾਲਾਂ ਦੌਰਾਨ ਐੱਮ ਐੱਸ ਐੱਮ ਈਜ਼ ਇੱਕ ਮਜ਼ਬੂਤ ਪਾਵਰ ਹਾਊਸ ਵਜੋਂ ਵਿਕਸਤ ਹੋਏ ਹਨ। ਰਵਾਇਤੀ ਕਾਰੀਗਰਾਂ ਤੋਂ ਲੈ ਕੇ ਨਵੀਨਤਾਕਾਰੀ ਸ਼ੁਰੂਆਤ ਤੱਕ ਐੱਮ ਐੱਸ ਐੱਮ ਈਜ਼ ਘੱਟ ਪੂੰਜੀ, ਰੁਜ਼ਗਾਰ ਉਤਪਤੀ ਦੇ ਵੱਧ ਮੌਕੇ ਪੈਦਾ ਕਰਨ ਦੀ ਸਮਰੱਥਾ ਅਤੇ ਟਿਕਾਊ ਆਰਥਕ ਵਿਕਾਸ, ਸਾਂਝੀ ਖੁਸ਼ਹਾਲੀ ਅਤੇ ਗਰੀਬੀ ਘਟਾਉਣ ਦੀ ਸੰਭਾਵਨਾ ਦੇ ਨਾਲ ਸ਼ਾਨਦਾਰ ਭਵਿੱਖ ਸਿਰਜਣ ਲਈ ਤਿਆਰ ਹਨ। ਉਨ੍ਹਾ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਰਿਹਾ ਹੈ। ਭਾਵੇਂ ਉਹ ਕੌਮੀ ਆਜ਼ਾਦੀ ਦੀ ਲੜਾਈ ਹੋਵੇ, ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣਾ ਹੋਵੇ ਜਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲਗਭਗ 2 ਲੱਖ ਐੱਮ ਐੱਸ ਐੱਮ ਈਜ਼ਡ ਦਾ ਮਜ਼ਬੂਤ ਆਧਾਰ ਹੈ, ਜੋ ਰੁਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਦੇ ਹਨ। ਉਨ੍ਹਾ ਕਿਹਾ ਕਿ ਪੰਜਾਬ ਕਣਕ ਅਤੇ ਚੌਲਾਂ ਦਾ ਤੀਜਾ ਸਭ ਤੋਂ ਵੱਡਾ ਉਤਪਾਦਕ, ਮਸ਼ੀਨਾਂ, ਹੱਥੀਂ ਕੰਮ ਕਰਨ ਵਾਲੇ ਸੰਦਾਂ ਅਤੇ ਸਾਈਕਲ ਦੇ ਪੁਰਜ਼ਿਆਂ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਬਾਗਬਾਨੀ ਫਸਲਾਂ: ਗਾਜਰ, ਖਰਬੂਜ਼ਾ ਅਤੇ ਸ਼ਹਿਦ ਦਾ ਪ੍ਰਮੁੱਖ ਉਤਪਾਦਕ ਹੈ। ਉਹਨਾ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਰਾਜ ਭਾਰਤ ਦੇ 95 ਫੀਸਦ ਊਨੀ ਕੱਪੜੇ, ਭਾਰਤ ਦੇ 85 ਫੀਸਦੀ ਸਿਲਾਈ ਮਸ਼ੀਨ ਉਤਪਾਦਨ ਅਤੇ ਭਾਰਤ ਦੇ ਖੇਡਾਂ ਦੇ ਸਮਾਨ ਦੇ 75 ਫੀਸਦੀ ਦਾ ਉਤਪਾਦਨ ਦਾ ਸੋਮਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਅਤੇ ਆਟੋ ਪਾਰਟਸ, ਸਾਈਕਲ ਅਤੇ ਸਾਈਕਲ ਦੇ ਪੁਰਜ਼ੇ, ਹੌਜ਼ਰੀ, ਐਗਰੋ ਅਤੇ ਫੂਡ ਪ੍ਰੋਸੈਸਿੰਗ, ਖੇਤੀਬਾੜੀ ਦੇ ਸੰਦ, ਹਲਕੀਆਂ ਇੰਜੀਨੀਅਰਿੰਗ ਵਸਤੂਆਂ, ਧਾਤ ਅਤੇ ਮਿਸ਼ਰਤ, ਰਸਾਇਣਕ ਉਤਪਾਦ, ਟੈਕਸਟਾਈਲ, ਆਈ ਟੀ ਅਤੇ ਫਾਰਮਾਸਿਊਟੀਕਲ ਅਤੇ ਹੋਰ ਖੇਤਰਾਂ ਦਾ ਸੂਬੇ ਦੇ ਨਿਰਯਾਤ ਵਿੱਚ ਸਭ ਤੋਂ ਵੱਧ ਹਿੱਸਾ ਹੈ। ਇਸ ਮੌਕੇ ਮੁੱਖ ਮੰਤਰੀ ਅਤੇ ਨੀਤੀ ਆਯੋਗ ਦੇ ਉੱਪ ਚੇਅਰਮੈਨ ਨੇ ਇੱਕ ਕਿਤਾਬਚਾ ਵੀ ਜਾਰੀ ਕੀਤਾ।ਨੀਤੀ ਆਯੋਗ ਦੇ ਵਾਈਸ ਚੇਅਰਮੈਨ ਸੁਮਨ ਬੇਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜ ਕੋਲ ਐੱਮ ਐੱਸ ਐੱਮ ਈ ਖੇਤਰ ਵਿੱਚ ਉਤਮਤਾ ਹਾਸਲ ਕਰਨ ਦਾ ਵੱਡਾ ਮੌਕਾ ਹੈ। ਉਨ੍ਹਾ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸੂਬੇ ਵਿੱਚ ਖੇਤੀ ਅਤੇ ਉਦਯੋਗਿਕ ਖੇਤਰ ਦੇ ਸੰਬੰਧਾਂ ਨੂੰ ਲਾਭਕਾਰੀ ਬਣਾਇਆ ਜਾਵੇ। ਉਨ੍ਹਾਂ ਰਾਜ ਦੀ ਆਰਥਿਕਤਾ ਦੇ ਸਰਬਪੱਖੀ ਵਿਕਾਸ ਲਈ ਇਨ੍ਹਾਂ ਖੇਤਰਾਂ ਲਈ ਇੱਕ ਏਕੀ�ਿਤ ਰਣਨੀਤੀ ਦੀ ਵੀ ਵਕਾਲਤ ਕੀਤੀ। ਵਾਈਸ ਚੇਅਰਮੈਨ ਨੇ ਕਿਹਾ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਪਰ ਇਸ ਸੰਬੰਧ ਵਿੱਚ ਹੋਰ ਵੀ ਕੁਝ ਕੀਤਾ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸੂਬੇ ਦੇ ਵਿਕਾਸ ਦੇ ਤਿੰਨ ਗੁਣ : ਤੇਜ਼, ਬਿਹਤਰ ਅਤੇ ਸਾਫ਼-ਸੁਥਰਾ ਹੋਣੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਮੋਹਾਲੀ ਆਈ ਟੀ ਸੈਕਟਰ ਪੇਸ਼ੇਵਰਾਂ ਲਈ ਪੂਰੀ ਤਰ੍ਹਾਂ ਵਿਹਾਰਕ ਸਥਾਨ ਹੈ। ਉਨ੍ਹਾ ਉਮੀਦ ਜਤਾਈ ਕਿ ਇਹ ਵਿਚਾਰ-ਵਟਾਂਦਰਾ ਸੂਬੇ ਲਈ ਵੱਡੀ ਸਫ਼ਲਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਪਤਵੰਤੇ ਹਾਜ਼ਰ ਸਨ।

Related Articles

Latest Articles