20.4 C
Jalandhar
Sunday, December 22, 2024
spot_img

ਅਕਾਲੀ ਲੀਡਰਸ਼ਿਪ ਨੇ ਮੈਦਾਨ ਛੱਡਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੰਜਾਬ ਅਸੰਬਲੀ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਵੀਰਵਾਰ ਹੋਈ ਅਹਿਮ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਹਾਲਾਂਕਿ ਦਲ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਵਿਚ ਹਿੱਸਾ ਲਵੇਗਾ। ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਤੋਂ ਬਾਅਦ ਅਕਾਲੀ ਵਰਕਰਾਂ ਦੀ ਪੁਜ਼ੀਸ਼ਨ ਅਜੀਬ ਹੋ ਗਈ ਹੈ। ਉਨ੍ਹਾਂ ਨੂੰ ਫੈਸਲਾ ਕਰਨਾ ਪੈਣਾ ਹੈ ਕਿ ਉਹ ਵੋਟਾਂ ਪਾਉਣ ਜਾਂ ਨਾ।
ਡਾ. ਚੀਮਾ ਨੇ ਕਿਹਾਅਸੀਂ ਹਮੇਸਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ। ਉਹ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ। ਫੈਸਲਾ ਆਉਣ ’ਚ ਕਾਫੀ ਸਮਾਂ ਬੀਤ ਗਿਆ। ਕਈ ਵਾਰ ਸਿੰਘ ਸਾਹਿਬਾਨ ਨੂੰ ਫੈਸਲਾ ਦੇਣ ਦੀ ਬੇਨਤੀ ਕੀਤੀ ਗਈ। ਹੁਣ ਚਾਰ ਅਸੰਬਲੀ ਸੀਟਾਂ ਦੀਆਂ ਜ਼ਿਮਨੀ ਚੋਣਾਂ ਹਨ। ਲੋਕ ਚਾਹੁੰਦੇ ਸਨ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ, ਪਰ ਜਿਵੇਂ ਹੀ ਕੱਲ੍ਹ ਜਥੇਦਾਰ ਸਾਹਿਬ ਦਾ ਹੁਕਮ ਆਇਆ, ਉਸ ਤੋਂ ਸਾਫ ਹੋ ਗਿਆ ਕਿ ਉਹ ਪ੍ਰਚਾਰ ਨਹੀਂ ਕਰ ਸਕਦੇ। ਸਮੁੱਚੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਅੱਗੇ ਨਹੀਂ ਜਾਵਾਂਗੇ। ਇਸ ਦੌਰਾਨ ਚੋਣਾਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਗਿਆ ਹੈ। ਡਾ. ਚੀਮਾ ਨੇ ਅੱਗੇ ਕਿਹਾਜਿਨ੍ਹਾਂ ਫੈਸਲਿਆਂ ਕਾਰਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ, ਉਹ ਉਨ੍ਹਾ ਅਕਾਲੀ-ਭਾਜਪਾ ਸਰਕਾਰ ਦੌਰਾਨ ਪਾਰਟੀ ਦੀ ਤਰਫੋਂ ਲਏ ਗਏ ਸਨ, ਇਸ ਕਰਕੇ ਅਸੀਂ ਇਸ ਘੜੀ ’ਚ ਆਪਣੇ ਪ੍ਰਧਾਨ ਨਾਲ ਖੜ੍ਹੇ ਹੋਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਅਕਾਲ ਤਖਤ ਸਾਹਿਬ ਦਾ ਆਦੇਸ਼ ਸਿਰਫ ਪ੍ਰਧਾਨ ਸਾਹਿਬ (ਸੁਖਬੀਰ ਸਿੰਘ ਬਾਦਲ) ਲਈ ਹੈ, ਸਮੁੱਚੀ ਪਾਰਟੀ ਆਪਣੇ ਪ੍ਰਧਾਨ ਨਾਲ ਖੜ੍ਹੀ ਹੈ, ਕਿਉਕਿ ਪਾਰਟੀ ਪ੍ਰਧਾਨ ਤੋਂ ਬਿਨਾਂ ਜ਼ਿਮਨੀ ਚੋਣਾਂ ਨਹੀਂ ਲੜ ਸਕਦੀ। ਡਾ. ਚੀਮਾ ਨੇ ਕਿਹਾ ਕਿ ਦਾਅਵੇਦਾਰ ਚੋਣਾਂ ਲੜਨੀਆਂ ਚਾਹੁੰਦੇ ਸਨ ਤੇ ਆਪਣੇ ਹਲਕਿਆਂ ਵਿਚ ਸਰਗਰਮ ਸਨ, ਪਰ ਵਰਕਿੰਗ ਕਮੇਟੀ ਨੇ ਸਰਬਸੰਮਤੀ ਨਾਲ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਅਕਾਲੀ ਦਲ ਦੇ ਵਫਦ ਨੇ ਬੀਤੇ ਦਿਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਜ਼ਿਮਨੀ ਚੋਣਾਂ ’ਚ ਸੁਖਬੀਰ ਸਿੰਘ ਬਾਦਲ ਨੂੰ ਛੋਟ ਦਿੱਤੀ ਜਾਵੇ, ਤਾਂ ਜੋ ਉਹ ਪਾਰਟੀ ਦੀ ਅਗਵਾਈ ਕਰ ਸਕਣ ਅਤੇ ਚੋਣ ਸਰਗਰਮੀਆਂ ’ਚ ਹਿੱਸਾ ਲੈ ਸਕਣ, ਪਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਕੋਈ ਵੀ ਤਨਖਾਹੀਆ ਵਿਅਕਤੀ ਜਦੋਂ ਤੱਕ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਤਨਖਾਹ ਨਹੀਂ ਲਗਵਾ ਲੈਂਦਾ ਅਤੇ ਉਸ ਨੂੰ ਪੂਰਾ ਨਹੀਂ ਕਰ ਲੈਂਦਾ, ਉਸ ਨੂੰ ਛੋਟ ਨਹੀਂ ਦਿੱਤੀ ਜਾ ਸਕਦੀ। ਉਨ੍ਹਾ ਇਹ ਮਾਮਲਾ ਦੀਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਵਿਚਾਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਪਹਿਲਾਂ 1992 ਦੀਆਂ ਅਸੰਬਲੀ ਚੋਣਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਬਾਈਕਾਟ ਕੀਤਾ ਸੀ। ਉਸ ਸਮੇਂ ਦੌਰਾਨ ਬੇਅੰਤ ਸਿੰਘ ਮੁੱਖ ਮੰਤਰੀ ਬਣੇ, ਜਦੋਂ ਕਿ 1995 ’ਚ ਗਿੱਦੜਬਾਹਾ ਦੀ ਜ਼ਿਮਨੀ ਚੋਣ ਹੋਈ ਤਾਂ ਮਨਪ੍ਰੀਤ ਸਿੰਘ ਬਾਦਲ ਉਥੋਂ ਲੜੇ ਅਤੇ ਜਿੱਤੇ। ਇਸ ਤੋਂ ਬਾਅਦ 1997 ’ਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਮਿਲ ਕੇ ਸਰਕਾਰ ਬਣਾਈ। ਉਸ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਅਕਾਲੀ ਦਲ ਨੇ ਚੋਣਾਂ ਤੋਂ ਹਟਣ ਦਾ ਫੈਸਲਾ ਕੀਤਾ ਹੈ। ਇਹ ਪਾਰਟੀ ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਪਾਰਟੀਆਂ ਵਿੱਚੋਂ ਇੱਕ ਹੈ।

Related Articles

Latest Articles