ਖੰਨਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਮੀ ਚੁੱਪ ਉਪਰੰਤ ਵੀਰਵਾਰ ਮੁੜ ਸਰਗਰਮ ਦੇਖੇ ਗਏ, ਜਦੋਂ ਸ਼ੁੱਕਰਵਾਰ ਸਵੇਰੇ ਉਹ ਏਸ਼ੀਆ ਦੀ ਸਭ ਤੋਂ ਵੱਡੀ ਖੰਨਾ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਪੁੱਜੇ। ਕੈਪਟਨ ਨੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ 44 ਹਜ਼ਾਰ ਕਰੋੜ ਰੁਪਏ ਝੋਨੇ ਦੀ ਖਰੀਦ ਲਈ ਜਾਰੀ ਕੀਤੇ ਗਏ ਸਨ, ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਸਹੀ ਢੰਗ ਨਾਲ ਅਦਾਇਗੀ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਅਤੇ ਕਈ ਕਿਸਾਨਾਂ ਦੇ ਅਹਿਮ ਮਸਲਿਆਂ ਨੂੰ ਹੱਲ ਕੀਤਾ ਹੈ, ਬਾਕੀ ਰਹਿੰਦੇ ਮਸਲੇ ਵੀ ਜਲਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਹੱਲ ਕੀਤੇ ਜਾਣਗੇ।