ਜਲੰਧਰ (ਕੇਸਰ)
ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੱਦੇ ’ਤੇ ਸ਼ੁੱਕਰਵਾਰ ਪੰਜਾਬ ਭਰ ਵਿੱਚ 150 ਦੇ ਲਗਭਗ ਥਾਵਾਂ ’ਤੇ ਚੱਕਾ ਜਾਮ ਕਰਕੇ ਕਿਸਾਨਾਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੁਸਤ ਰਫਤਾਰ ਵਿਰੁੱਧ ਆਪਣੇ ਸਖਤ ਰੋਹ ਦਾ ਪ੍ਰਗਟਾਵਾ ਕੀਤਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਕਾ ਜਾਮ ਕਰਨ ਦਾ ਸਿਲਸਿਲਾ 11 ਵਜੇ ਸ਼ੁਰੂ ਹੋ ਕੇ ਸ਼ਾਮ ਦੇ ਤਿੰਨ ਵਜੇ ਤੱਕ ਜਾਰੀ ਰਿਹਾ।
ਵਰਣਨਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਦੋ ਦਿਨਾਂ ਵਿੱਚ ਸੁਚਾਰੂ ਕਰਨ ਦਾ ਭਰੋਸਾ ਦਿੱਤਾ ਸੀ, ਜਦੋਂ ਕਿ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਧਰਨਾ ਖਤਮ ਕਰਦਿਆਂ ਮੁੱਖ ਮੰਤਰੀ ਨੂੰ ਚਾਰ ਦਿਨ ਦੀ ਮੋਹਲਤ ਦਿੱਤੀ ਸੀ।ਇਸ ਦੇ ਬਾਵਜੂਦ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਕੀੜੀ ਦੀ ਰਫਤਾਰ ਨਾਲ ਚੱਲਣ ਕਾਰਨ ਮਜਬੂਰ ਹੋ ਕੇ ਸੰਯੁਕਤ ਕਿਸਾਨ ਮੋਰਚਾ ਨੂੰ ਚੱਕਾ ਜਾਮ ਵਰਗਾ ਕਦਮ ਚੁੱਕਣਾ ਪਿਆ।
ਵੱਖ-ਵੱਖ ਥਾਵਾਂ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ , ਰਾਮਿੰਦਰ ਸਿੰਘ ਪਟਿਆਲਾ, ਗੁਰਮੀਤ ਸਿੰਘ ਮਹਿਮਾ, ਰੁਲਦੂ ਸਿੰਘ ਮਾਨਸਾ, ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਮੱਲੀ ਨੰਗਲ, ਬੋਘ ਸਿੰਘ ਮਾਨਸਾ, ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਪੁੰਨਾਂਵਾਲ, ਹਰਜਿੰਦਰ ਸਿੰਘ ਟਾਂਡਾ, ਸੁੱਖ ਗਿੱਲ ਮੋਗਾ ਅਤੇ ਕੰਵਲਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਮੰਡੀਕਰਨ ਦੇ ਸਮੁੱਚੇ ਢਾਂਚੇ ਨੂੰ ਤਬਾਹ ਕਰਨ ਦੇ ਨਾਲ-ਨਾਲ ਜਨਤਕ ਵੰਡ ਪ੍ਰਣਾਲੀ ਤੋਂ ਲਗਾਤਾਰ ਹੱਥ ਪਿੱਛੇ ਖਿੱਚੇ ਜਾ ਰਹੇ ਹਨ, ਦੂਜੇ ਪਾਸੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਵੀ ਕੀਤਾ ਜਾ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਗੋਦਾਮਾਂ ਅਤੇ ਸ਼ੈਲਰਾਂ ਵਿਚੋਂ ਲਿਫਟਿੰਗ ਨਹੀ ਕੀਤੀ ਗਈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਸਲੇ ’ਤੇ ਘੇਸਲ ਮਾਰ ਕੇ ਬੈਠੀ ਰਹੀ। ਦੋਵਾਂ ਸਰਕਾਰਾਂ ਦੀ ਬਦਨੀਤੀ ਕਾਰਨ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ ਹੈ। ਉਸ ਦੀ ਮਜਬੂਰੀ ਦਾ ਫਾਇਦਾ ਉਠਾਉਦੇ ਹੋਏ ਰੇਟ ’ਤੇ ਕੱਟ ਲਗਾ ਕੇ ਉਸ ਨੂੰ ਦੂਹਰੀ ਮਾਰ ਮਾਰੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਦਬਾਅ ਸਦਕਾ ਭਾਵੇਂ ਲਿਫਟਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਪਰ ਪੰਜਾਬ ਸਰਕਾਰ ਨੂੰ ਇਸ ਕੰਮ ਨੂੰ ਜੰਗੀ ਮੁਹਿੰਮ ਦੀ ਤਰ੍ਹਾਂ ਹੱਥ ਲੈਣਾ ਪਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗਾ।
ਕਿਸਾਨ ਆਗੂਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਲੋਕਾਂ ਨੂੰ ਹਰਗਿਜ਼ ਵੀ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦਾ, ਪਰ ਸਰਕਾਰਾਂ ਵੱਲੋਂ ਅਪਣਾਈ ਜਾ ਰਹੀ ਦੂਸ਼ਣਬਾਜ਼ੀ ਦੀ ਸਿਆਸਤ ਵਿੱਚ ਪਿਸ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਵਾਰਿਸ ਨਹੀਂ ਛੱਡ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਹਰ ਕਿਸਮ ਦੀਆਂ ਤਕਲੀਫਾਂ ਝੱਲ ਕੇ ਪੈਦਾ ਕੀਤੀ ਫ਼ਸਲ ਨੂੰ ਰੁਲਣ ਤੋਂ ਬਚਾਉਣ ਲਈ ਵੀ ਜੇਕਰ ਸੜਕਾਂ ’ਤੇ ਜੂਝਣਾ ਪੈ ਜਾਵੇ ਤਾਂ ਸਮਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੀ ਦੁੱਖ-ਤਕਲੀਫ ਨੂੰ ਲੋਕਾਂ ਨੂੰ ਸਮਝਣਾ ਪਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਵੱਲੋਂ ਚੱਕਾ ਜਾਮ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
ਚੱਕਾ ਜਾਮ ਦੌਰਾਨ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਡੀ ਏ ਪੀ ਦਾ ਤੁਰੰਤ ਪ੍ਰਬੰਧ ਕਰਨ ਦੇ ਨਾਲ-ਨਾਲ ਖਾਦ ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਈ ਜਾਵੇ। ਬਾਸਮਤੀ ਦਾ ਐੱਮ ਐੱਸ ਪੀ ਦੇ ਕੇ ਬਾਸਮਤੀ ਕਾਸ਼ਤਕਾਰਾਂ ਨੂੰ ਰਾਹਤ ਮੁਹੱਈਆ ਕਰਵਾਏ।
ਪਾਤੜਾਂ (ਨਿਸ਼ਾਨ ਸਿੰਘ ਬਣਵਾਲਾ) : ਕਿਸਾਨਾਂ ਨੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਧਰਨਾ ਲਗਾ ਕੇ ਟਰੈਫਿਕ ਜਾਮ ਕੀਤਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਵਿੱਚ ਵਰਤੀ ਜਾ ਰਹੀ ਲਾਪਰਵਾਹੀ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਹੋ ਰਹੀ ਪਰੇਸ਼ਾਨੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ (1936), ਏ ਆਈ ਕੇ ਐੱਸ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਦੀ ਅਗਵਾਈ ਵਿੱਚ ਭਰਵੀਂ ਸ਼ਮੂਲੀਅਤ ਕੀਤੀ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ, ਸਾਹਿਬ ਸਿੰਘ ਦੁਤਾਲ, ਮਹਿਲਾ ਕਿਸਾਨ ਆਗੂ ਚਰਨਜੀਤ ਕੌਰ ਧੂੜੀਆ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਦੇਧਨਾਂ, ਦਲਜਿੰਦਰ ਸਿੰਘ ਹਰਿਆਊ ਤੇ ਮੱਖਣ ਸਿੰਘ ਹਾਮਝੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸੰਬੰਧੀ ਅਗਾਊਂ ਪ੍ਰਬੰਧ ਨਾ ਕੀਤੇ ਜਾਣ ਦਾ ਲਾਭ ਲੈਂਦਿਆਂ ਕੇਂਦਰ ਸਰਕਾਰ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਦਾ ਬਦਲਾ ਲੈਣ ਲਈ ਸੂਬੇ ਦੇ ਕਿਸਾਨਾਂ ਨੂੰ ਵੱਡੇ ਪੱਧਰ ਉੱਤੇ ਪਰੇਸ਼ਾਨ ਕਰ ਰਹੀ ਹੈ, ਜਿਸ ਕਰਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ ਅਤੇ ਕਿਸਾਨ ਮੰਡੀਆਂ ਵਿੱਚ ਰਾਤਾਂ ਕੱਟਣ ਲਈ ਮਜਬੂਰ ਹੋ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਤਾਂ ਸਰਕਾਰ ਨੇ ਖਰੀਦ ਸੰਬੰਧੀ ਪ੍ਰਬੰਧ ਨਹੀਂ ਕੀਤੇ, ਹੁਣ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਨੇ ਪੂਰਾ ਨਹੀਂ ਕੀਤਾ।
ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਰਘਵੀਰ ਸਿੰਘ ਨਿਆਲ, ਲਾਭ ਸਿੰਘ ਦੁਗਾਲ, ਰਾਮ ਚੰਦ ਚੁਨਾਗਰਾ, ਜਗਜੀਤ ਸਿੰਘ ਦੁਗਾਲ, ਦਲਜੀਤ ਸਿੰਘ ਫੌਜੀ, ਕਰਮਜੀਤ ਸਿੰਘ ਪਾਤੜਾਂ ਅਤੇ ਸੂਬੇਦਾਰ ਨਰਾਤਾ ਸਿੰਘ ਆਦਿ ਹਾਜ਼ਰ ਸਨ।
ਬੋਹਾ/ਬੁਢਲਾਡਾ (ਨਿਰੰਜਣ ਬੋਹਾ/ਅਸ਼ੋਕ ਲਾਕੜਾ) : ਸੰਯੁਕਤ ਕਿਸਾਨ ਮੋਰਚਾ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਾਉਣ ਲਈ ਬੋਹਾ-ਬੁਢਲਾਡਾ ਮੁੱਖ ਸੜਕ ਜਾਮ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਬੋਹਾ ਅਨਾਜ ਮੰਡੀ ਤੋਂ ਬਾਹਰ ਸੜਕ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੀ ਨੈਸ਼ਨਲ ਕੌਂਸਲ ਦੇ ਮੈਂਬਰ ਤੇ ਪੰਜਾਬ ਕਿਸਾਨ ਸਭਾ ਦੇ ਮੀਤ ਪ੍ਰਧਾਨ ਹਰਦੇਵ ਅਰਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਕਰਵਾਏ ਤਿੰਨ ਕਾਲੇ ਕਾਨੂੰਨਾਂ ਦੇ ਰੱਦ ਹੋਣ ਦਾ ਬਦਲਾ ਝੋਨੇ ਦੀ ਖਰੀਦ ਵਿਚ ਵਿਘਨ ਪਾ ਕੇ ਲੈ ਰਹੀ ਹੈ। ਉਨ੍ਹਾ ਕਿਹਾ ਕਿ ਸਰਕਾਰ ਦਾ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ-ਖੁਆਰ ਕਰਨ ਦਾ ਮਕਸਦ ਇਹੀ ਹੈ ਕਿ ਉਹ ਅੱਕ ਕੇ ਪ੍ਰਾਈਵੇਟ ਸੈਕਟਰ ਨੂੰ ਆਪਣੀ ਜਿਣਸ ਵੇਚਣ ਲਈ ਤਿਆਰ ਹੋ ਜਾਣ। ਉਨ੍ਹਾ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨਾ ਤਜਰਬੇਕਾਰ ਤੇ ਸੁੱਤੇ ਹੋਏ ਲੋਕਾਂ ਦੀ ਸਰਕਾਰ ਹੈ, ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਪ੍ਰਸ਼ੋਤਮ ਸਿੰਘ ਉੱਡਤ, ਬੀ ਕੇ ਯੂ (ਡਕੌਂਦਾ) ਦੇ ਆਗੂ ਲਛਮਣ ਸਿੰਘ ਚੱਕ ਅਲੀ ਸ਼ੇਰ, ਸਤਪਾਲ ਸਿੰਘ ਬਰ੍ਹੇ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰਾਮਫਲ ਸਿੰਘ ਚੱਕ ਅਲੀਸ਼ੇਰ, ਦਰਸ਼ਨ ਮਘਾਣੀਆਂ, ਬੀ ਕੇ ਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਕਲੀਪੁਰ ,ਗੁਲਾਬ ਸਿੰਘ ਤਾਲਬਵਾਲਾ, ਮਲਕੀਤ ਮੰਦਰਾਂ, ਗੋਰਾ ਸਿੰਘ ਟਾਹਲੀਆਂ ਤੇ ਅਮਰੀਕ ਸਿੰਘ ਫਫੜੇ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਖਰੀਦ ਦੇ ਅਗੇਤੇ ਪ੍ਰਬੰਧ ਨਾ ਕਰਕੇ ਆਪਣੀ ਨਲਾਇਕੀ ਦਾ ਵੱਡਾ ਸਬੂਤ ਦਿੱਤਾ ਹੈ।
ਹਾਲਾਤ ਨਾ ਸੁਧਰੇ ਤਾਂ 29 ਨੂੰ ਡੀ ਸੀ ਦਫਤਰਾਂ ਦਾ ਘਿਰਾਓ, ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ