ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਪੰਚਾਇਤੀ ਚੋਣਾਂ ’ਚ 23 ਜ਼ਿਲ੍ਹਿਆਂ ’ਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਸਹੁੰ ਚੁਕਾਈ ਜਾਵੇਗੀ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਸੂਬਾ ਸਰਕਾਰ ਨੇ ਪਾਰਟੀ ਦੇ ਚੋਣ ਨਿਸ਼ਾਨ ਉਤੇ ਪੰਚਾਇਤੀ ਚੋਣ ਲੜਨ ਉਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ ਸੀ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਪਿੰਡਾਂ ਦੇ ਧੜੇਬੰਦੀ ਨਾਲ ਪੈਦਾ ਹੁੰਦੇ ਕੁੜੱਤਣ ਵਾਲੇ ਮਾਹੌਲ ਨੂੰ ਖਤਮ ਕਰਨਾ ਸੀ।
ਪੰਚਾਇਤੀ ਚੋਣਾਂ ਮੌਕੇ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ, ਜਿਸ ਨੂੰ ਹੁੰਗਾਰਾ ਦਿੰਦਿਆਂ ਸੂਬੇ ’ਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ’ਚ 336 ਸਰਪੰਚਾਂ, ਗੁਰਦਾਸਪੁਰ ’ਚ 335 ਸਰਪੰਚਾਂ ਅਤੇ ਤਰਨ ਤਾਰਨ ’ਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।





