26.9 C
Jalandhar
Thursday, November 21, 2024
spot_img

ਵਿਗਿਆਨੀ ਟਿਕਾਊ ਖੇਤੀ ਲਈ ਸੇਧ ਦੇਣ : ਮਾਨ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਰਾਂ ਨੂੰ ਕਿਸਾਨਾਂ ਲਈ ਮਾਰਗ-ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ।ਮੁੱਖ ਮੰਤਰੀ ਨੇ ਪੀ ਏ ਯੂ ਵਿਖੇ ਮੌਸਮੀ ਅਤੇ ਊਰਜਾ ਤਬਦੀਲੀ ਦੇ ਮੱਦੇਨਜ਼ਰ ਐਗਰੀਫੂਡ ਪ੍ਰਣਾਲੀਆਂ ਵਿੱਚ ਬਦਲਾਅ ਸੰਬੰਧੀ ਵਿਸ਼ੇ ’ਤੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਕਰਕੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਰਕੇ ਪੰਜਾਬ ਦੀ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਖੇਤੀਬਾੜੀ ਉਪਰ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ। ਮਾਨ ਨੇ ਕਿਹਾ ਕਿ ਟਿਕਾਊ ਖੇਤੀ ਅਤੇ ਫ਼ਸਲਾਂ ਦੇ ਵੱਧ ਝਾੜ ਦੇ ਨਾਲ-ਨਾਲ ਮਿੱਟੀ ਦੀ ਪੌਸ਼ਟਿਕ ਸ਼ਕਤੀ ਨੂੰ ਵਧਾਉਣ ਲਈ ਫ਼ਸਲੀ ਵਿਭਿੰਨਤਾ ਦੀ ਵਧੇਰੇ ਲੋੜ ਹੈ। ਉਨ੍ਹਾ ਮੌਸਮੀ ਤਬਦਲੀ ਦੇ ਮਾੜੇ ਪ੍ਰਭਾਵਾਂ ਵਿਸ਼ੇ ’ਤੇ ਕਰਵਾਈ ਗਈ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਾਜ਼ਰ ਵਿਗਿਆਨੀਆਂ ਨੂੰ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਅਪਨਾਉਣ ਵਾਸਤੇ ਕਿਸਾਨਾਂ ਨੂੰ ਸੇਧ ਦੇਣ ਲਈ ਵੱਧ ਤੋਂ ਵੱਧ ਯਤਨ ਕਰਨ ਲਈ ਪ੍ਰੇਰਿਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਗਿਆਨੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਟਿਕਾਊ ਖੇਤੀ ਅਮਲ ਅਪਣਾਉਣ ਵਾਸਤੇ ਸਾਡੇ ਕਿਸਾਨਾਂ ਦਾ ਮਾਰਗ-ਦਰਸ਼ਨ ਕਰਨ। ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਦੇ ਹੱਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਹਨਾ ਕਿਹਾ ਕਿ ਇਸ ਮਸਲੇ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਬਿਨਾਂ ਸ਼ੱਕ ਸਾਨੂੰ ਹੀ ਜ਼ਿੰਮੇਵਾਰ ਠਹਿਰਾਉਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆਪਣੀ ਚਾਲ ਚੱਲ ਰਿਹਾ ਹੈ ਅਤੇ ਸਾਡੇ ਸਾਰਿਆਂ ਲਈ ਇਹ ਜ਼ਰੂਰੀ ਹੈ ਕਿ ਅਸੀਂ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਰਗਰਮ ਕਦਮ ਚੁੱਕੀਏ।
ਇਸ ਸੰਬੰਧੀ ਹੈਰਾਨੀਜਨਕ ਅਤੇ ਚਿੰਤਾਜਨਕ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾ ਕਿਹਾ ਕਿ ਇੱਕ ਕਿਲੋ ਚੌਲ ਉਗਾਉਣ ਲਈ 3000 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਅਤੇ ਜਿਹੜੀਆਂ ਮੋਟਰਾਂ ਖਾੜੀ ਦੇਸ਼ਾਂ ਵਿੱਚ ਪੈਟਰੋਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਮੋਟਰਾਂ ਦੀ ਵਰਤੋਂ ਸੂਬੇ ਵਿੱਚ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਕੀਤੀ ਜਾ ਰਹੀ ਹੈ।ਇਹ ਚਿੰਤਾਜਨਕ ਵਰਤਾਰਾ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਹੈ।

Related Articles

Latest Articles