ਚੰਡੀਗੜ੍ਹ : ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਸੰਬੰਧੀ ਰਾਹ ਸਾਫ ਹੋਣ ਬਾਰੇ ਆਈਆਂ ਖਬਰਾਂ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾ ‘ਐੱਕਸ’ ’ਤੇ ਪਾਈ ਪੋਸਟ ਵਿੱਚ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜ਼ਖਮਾਂ ’ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ਼ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਦੀ ਸਮਾਜਕ ਅਤੇ ਧਾਰਮਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੁੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਨਾਲ ਉਨ੍ਹਾ ਦੇ ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। ਉਨ੍ਹਾ ਅੱਗੇ ਲਿਖਿਆ ਹੈਮੇਰਾ ਮੰਨਣਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜ਼ਬੂਤ ਸੰਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ’ਤੇ ਪੁਨਰ-ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।